ਇਤਿਹਾਸ ’ਚ ਪਹਿਲੀ ਵਾਰ ਅੰਨਦਾਤਾ ਦੀ ਹੋਈ ਬੇਧਿਆਨੀ : ਜਾਖੜ

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਖੜ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਲੋਕਰਾਜ ਦਾ ਗਲਾ ਘੁੱਟ ਕੇ ਦੇਸ਼ ਦੀ ਆਜ਼ਾਦੀ ਅਤੇ ਲੋਕਰਾਜ ਦੀ ਸਥਾਪਨਾ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਕਰ ਰਹੀ ਹੈ। ਉਹ ਸੋਮਵਾਰ ਕਾਂਗਰਸ ਦੇ 135ਵੇਂ ਸਥਾਪਨਾ ਦਿਵਸ ’ਤੇ ਪਾਰਟੀ ਵਰਕਰਾਂ ਨੂੰ ਸੰਬੋਧਨ ਕਰ ਰਹੇ ਸਨ। ਜਾਖੜ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕੇਂਦਰੀ ਖੇਤੀਬਾੜੀ ਕਾਨੂੰਨ ਪਾਸ ਕਰ ਕੇ ਕਿਸਾਨਾਂ ਨੂੰ ਕਾਰਪੋਰੇਟ ਸੈਕਟਰ ਦਾ ਗੁਲਾਮ ਬਣਾਉਣ ਦੀ ਸਾਜ਼ਿਸ਼ ਰਚੀ ਹੈ। ਕਿਸਾਨਾਂ ਦਾ ਸੰਘਰਸ਼ ਇਤਿਹਾਸਕ ਹੈ। ਕਿਸਾਨ ਅਜੇ ਵੀ ਦੇਸ਼ ਨੂੰ ਗੁਲਾਮੀ ਤੋਂ ਬਚਾਉਣ ਲਈ ਲੜ ਰਹੇ ਹਨ। ਕਿਸਾਨਾਂ ਦੀ ਇਹ ਲੜਾਈ ਇਤਿਹਾਸਕ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ ਦੇ ਸੰਘਰਸ਼ ’ਚ ਉਨ੍ਹਾਂ ਦੇ ਨਾਲ ਹੈ। ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਦੀਆਂ ਮੰਗਾਂ ਨੂੰ ਪ੍ਰਵਾਨ ਕਰ ਲੈਣਾ ਚਾਹੀਦਾ ਹੈ।
ਕਾਂਗਰਸ ਨੂੰ ਸੰਘਰਸ਼ ਲਈ ਤਿਆਰ ਰਹਿਣਾ ਹੋਵੇਗਾ ਕਿਉਂਕਿ ਜੇ ਸੰਘਰਸ਼ ਨਹੀਂ ਕੀਤਾ ਜਾਂਦਾ ਤਾਂ ਭਾਜਪਾ ਦੀ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣ ’ਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਅੰਨਦਾਤਾ ਨੂੰ ਬੇਧਿਆਨ ਕੀਤਾ ਗਿਆ ਹੈ ਅਤੇ ਉਹ ਪਿਛਲੇ ਇਕ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਸੜਕਾਂ ’ਤੇ ਰਾਤਾਂ ਬਿਤਾ ਰਹੇ ਹਨ। ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ਨੂੰ ਦੇਸ਼ ਦੀਆਂ ਸਭ ਸਮੱਸਿਆਵਾਂ ਲਈ ਜ਼ਿੰਮੇਵਾਰ ਕਰਾਰ ਦਿੰਦੇ ਹੋਏ ਕਿਹਾ ਕਿ ਦੇਸ਼ ਵਿਚ ਟੈਨਸ਼ਨ ਤੇ ਨਫਰਤ ਦਾ ਬੋਲਬਾਲਾ ਹੋ ਚੁੱਕਾ ਹੈ। ਇਸ ਮੌਕੇ ’ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਤੇ ਹੋਰ ਵੀ ਮੌਜੂਦ ਸਨ।
News Credit :jagbani(punjabkesari)