ਨਵੀਂ ਦਿੱਲੀ– ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਸੰਯੁਕਤ ਪ੍ਰਗਤੀਸ਼ੀਲ ਗਠਬੰਧਨ (ਯੂ.ਪੀ.ਏ.) ਸ਼ਾਸਨਕਾਲ ਦੌਰਾਨ ਉਸ ਵੇਲੇ ਦੇ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਖੇਤੀ ਮੰਤਰੀ ਸ਼ਰਦ ਪਵਾਰ ਖੇਤੀ ਸੁਧਾਰ ਕਰਨਾ ਚਾਹੁੰਦੇ ਸਨ ਪਰ ‘ਰਾਜਨੀਤਿਕ ਦਬਾਅ’ ਕਾਰਨ ਇਨ੍ਹਾਂ ਨੂੰ ਲਾਗੂ ਨਹੀਂ ਕਰ ਸਕੇ। ਤੋਮਰ ਨੇ ਸੋਮਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਕੋਈ ਵੀ ਅਜਿਹਾ ਫੈਸਲਾ ਨਹੀਂ ਲਵੇਗੀ ਜੋ ਕਿ ਕਿਸਾਨਾਂ ਅਤੇ ਗਰੀਬਾਂ ਲਈ ਨੁਕਸਾਨਦੇਹ ਹੋਵੇ।
ਤੋਮਰ ਨਵੇਂ ਖੇਤੀ ਕਾਨੂੰਨਾਂ ਪ੍ਰਤੀ ਆਪਣਾ ਸਮਰਥਨ ਜਤਾਉਣ ਆਏ 11 ਕਿਸਾਨ ਸੰਗਠਨਾਂ ਦੇ ਪ੍ਰਤੀਨਿਧੀਆਂ ਨੂੰ ਸੰਬੋਧਿਤ ਕਰ ਰਹੇ ਸਨ ਜੋ ਕਿ ਦਿੱਲੀ, ਉੱਤਰ-ਪ੍ਰਦੇਸ਼, ਪੱਛਮੀ-ਬੰਗਾਲ, ਹਰਿਆਣਾ, ਮਹਾਰਾਸ਼ਟਰ ਅਤੇ ਜੰਮੂ-ਕਸ਼ਮੀਰ ਤੋਂ ਆਏ ਸਨ। ਕਿਸਾਨ ਪ੍ਰਤੀਨਿਧੀਆਂ ਨਾਲ ਹੋਈ ਬੈਠਕ ਦੌਰਾਨ ਕੀਤੀਆਂ ਗਈਆਂ ਗੱਲਾਂ ਦਾ ਹਵਾਲਾ ਦਿੰਦੇ ਹੋਏ ਤੋਮਰ ਨੇ ਕਿਹਾ ਕਿ ਪੀ.ਐੱਮ. ਮੋਦੀ ਦੀ ਅਗਵਾਈ ’ਚ ਸਕਾਰਾਤਮਕ ਕਦਮ ਚੁੱਕੇ ਗਏ ਹਨ।
ਇਕ ਅਧਿਕਾਰਤ ਬਿਆਨ ’ਚ ਤੋਮਰ ਦੇ ਹਵਾਲੇ ਤੋਂ ਕਿਹਾ ਗਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਸੁਧਾਰ ਲਈ ਜੋ ਵੀ ਸਕਾਰਾਤਮਕ ਕਦਮ ਚੁੱਕੇ ਗਏ ਹਨ, ਕੁਝ ਵਰਗਾਂ ਦੁਆਰਾ ਉਨ੍ਹਾਂ ਦਾ ਵਿਰੋਧ ਕੀਤਾ ਗਿਆ। ਹਾਲਾਂਕਿ, ਇਹ ਸੁਧਾਰ ਦੇਸ਼ ਦੀ ਤਸਵੀਰ ਬਦਲਣ ਲਈ ਬੇਹੱਦ ਸਹਾਇਕ ਰਹੇ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਰਕਾਰ ਗਤੀਰੋਧ ਖ਼ਤਮ ਕਰਨ ਲਈ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰ ਰਹੀ ਹੈ।
News Credit :jagbani(punjabkesari)