ਕੈਪਟਨ ਵੱਲੋਂ ਸੱਦੀ ਸਰਬ ਪਾਰਟੀ ਮੀਟਿੰਗ ਜਾਰੀ, ਜਾਨਾਂ ਗੁਆਉਣ ਵਾਲੇ ਕਿਸਾਨਾਂ ਨੂੰ ਦਿੱਤੀ ਗਈ ਸ਼ਰਧਾਂਜਲੀ

ਚੰਡੀਗੜ੍ਹ : ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ‘ਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੱਦੀ ਗਈ ਸਰਬ ਪਾਰਟੀ ਦੀ ਬੈਠਕ ਜਾਰੀ ਹੈ। ਇਸ ਬੈਠਕ ‘ਚ ਵੱਖ-ਵੱਖ ਪਾਰਟੀਆਂ ਦੇ ਆਗੂਆਂ ਵੱਲੋਂ ਸ਼ਿਰਕਤ ਕੀਤੀ ਗਈ ਹੈ।
ਬੈਠਕ ਸ਼ੁਰੂ ਹੋਣ ਤੋਂ ਪਹਿਲਾਂ ਅੰਦੋਲਨ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਯਾਦ ‘ਚ 2 ਮਿੰਟ ਦਾ ਮੌਨ ਧਾਰਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਇਸ ਮੌਕੇ ਕੈਪਟਨ ਨੇ ਕਿਹਾ ਕਿ ਇਹ ਬਹੁਤ ਦਰਦਨਾਕ ਹੈ ਕਿ ਸਾਡੇ ਕਿਸਾਨ ਇਸ ਅੰਦੋਲਨ ਦੌਰਾਨ ਆਪਣੀਆਂ ਜਾਨਾਂ ਗੁਆ ਰਹੇ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ 88 ਦੇ ਕਰੀਬ ਕਿਸਾਨ ਇਸ ਸੰਘਰਸ਼ ਦੌਰਾਨ ਆਪਣੇ ਹੱਕਾਂ ਲਈ ਲੜਦੇ ਹੋਏ ਜਾਨਾਂ ਗੁਆ ਚੁੱਕੇ ਹਨ। ਦੱਸ ਦੇਈਏ ਕਿ ਜਿੱਥੇ ਇਸ ਮੀਟਿੰਗ ‘ਚ ਸਿਆਸੀ ਪਾਰਟੀਆਂ ਦੇ ਆਗੂ ਸ਼ਾਮਲ ਹੋਏ ਹਨ, ਉੱਥੇ ਹੀ ਪੰਜਾਬ ਭਾਜਪਾ ਵੱਲੋਂ ਕੋਈ ਵੀ ਆਗੂ ਇਸ ਮੀਟਿੰਗ ‘ਚ ਸ਼ਾਮਲ ਨਹੀਂ ਹੋਇਆ ਹੈ।
ਸਭ ਦੀਆਂ ਨਜ਼ਰਾਂ ਇਸ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਕਿ ਮੀਟਿੰਗ ‘ਚ ਕਿਸਾਨਾਂ ਦੇ ਹੱਕਾਂ ਲਈ ਕਿਹੜੇ-ਕਿਹੜੇ ਅਹਿਮ ਫ਼ੈਸਲੇ ਲਏ ਜਾਣਗੇ।