ਬਨੂੜ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਦੇ ਸੰਘਰਸ਼ ਦਾ ਅਸਰ ਬਨੂੜ ਨਗਰ ਕੌਂਸਲ ਦੀਆਂ ਚੋਣਾਂ ’ਤੇ ਸਪੱਸ਼ਟ ਨਜ਼ਰ ਆ ਰਿਹਾ ਹੈ। ਇਸ ਸ਼ਹਿਰ ਦੇ 13 ਵਾਰਡਾਂ ਲਈ ਇਸ ਵਾਰ ਭਾਜਪਾ ਨੂੰ ਕੋਈ ਵੀ ਅਧਿਕਾਰਤ ਉਮੀਦਵਾਰ ਨਹੀਂ ਮਿਲਿਆ। ਦੱਸਣਯੋਗ ਹੈ ਕਿ ਬੀਤੇ ਦਿਨੀਂ ਭਾਜਪਾ ਦੇ ਐੱਸ. ਸੀ. ਵਿੰਗ ਦੇ ਜ਼ਿਲ੍ਹਾ ਪਟਿਆਲਾ ਉੱਤਰੀ ਦੇ ਪ੍ਰਧਾਨ ਤੇ ਸਾਬਕਾ ਭਾਜਪਾ ਕੌਂਸਲਰ ਪਰਦੀਪ ਕੁਮਾਰ ਹੈਪੀ ਕਟਾਰੀਆ ਤੇ ਬਨੂੜ ਮੰਡਲ ਦੇ ਪ੍ਰਧਾਨ ਸਾਧੂ ਸਿੰਘ ਵੱਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਉਕਤ ਆਗੂਆਂ ਨੇ ਪਾਰਟੀ ਤੋਂ ਅਸਤੀਫ਼ਾ ਦੇ ਕੇ ਆਪਣੀਆਂ ਪਤਨੀਆਂ ਨੂੰ ਨਗਰ ਕੌਂਸਲ ਚੋਣਾਂ ਲਈ ਆਜ਼ਾਦ ਉਮੀਦਵਾਰ ਵੱਜੋਂ ਮੈਦਾਨ ’ਚ ਉਤਾਰਿਆ ਹੈ। ਸ਼ਹਿਰ ਦੇ ਇਕ ਹੋਰ ਨੌਜਵਾਨ ਵੱਲੋਂ ਜਿਹੜਾ ਕਿ ਭਾਰਤੀ ਜਨਤਾ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਾ ਚਾਹੁੰਦਾ ਸੀ, ਉਸ ਨੇ ਵੀ ਆਜ਼ਾਦ ਉਮੀਦਵਾਰ ਵੱਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਹਨ। ਕਿਸਾਨ ਜੱਥੇਬੰਦੀਆਂ ਵੱਲੋਂ ਨਗਰ ਕੌਂਸਲ ਤੇ ਨਗਰ ਨਿਗਮਾਂ ਦੀਆਂ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਦੇ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ, ਜਿਸ ਕਾਰਣ ਨਗਰ ਕੌਂਸਲ ਬਨੂੜ ਦੀਆਂ ਚੋਣਾਂ ਲੜਨ ਲਈ ਕੋਈ ਵੀ ਉਮੀਦਵਾਰ ਭਾਜਪਾ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਲਈ ਤਿਆਰ ਨਹੀਂ ਹੋਇਆ।
ਇਸ ਮਾਮਲੇ ਬਾਰੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਜੀਤ ਜੱਗੀ ਕਰਾਲਾ, ਭਾਕਿਯੂ ਸਿੱਧੂਪੁਰ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਸਰਪੰਚ ਕਿਰਪਾਲ ਸਿੰਘ ਸਿਆਊ, ਸਰਪੰਚ ਕੁਲਵੰਤ ਸਿੰਘ ਬਰਿਆਲੀ ਤੇ ਜ਼ਿਲ੍ਹਾ ਮੋਹਾਲੀ ਦੇ ਖਜ਼ਾਨਚੀ ਗੁਰਜੰਟ ਸਿੰਘ ਬਡੀ ਨਾਲ ਵੀ ਸੰਪਰਕ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਭਾਜਪਾ ਤੋਂ ਅਸਤੀਫ਼ਾ ਦੇ ਕੇ ਆਪਣੀਆਂ ਪਤਨੀਆਂ ਨੂੰ ਆਜ਼ਾਦ ਉਮੀਦਵਾਰਾਂ ਵੱਜੋਂ ਚੋਣ ਮੈਦਾਨ ’ਚ ਉਤਾਰਨ ਵਾਲੇ ਉਮੀਦਵਾਰਾਂ ਨੇ ਕਿਸਾਨ ਯੂਨੀਅਨਾਂ ਦੇ ਵਿਰੋਧ ਕਾਰਨ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜੀ।
ਉਨ੍ਹਾਂ ਕਿਹਾ ਕਿ ਅਸਤੀਫ਼ੇ ਦੇਣਾ ਚੋਣ ਸਟੰਟ ਹੈ। ਨਗਰ ਕੌਂਸਲ ਚੋਣਾਂ ਦੌਰਾਨ ਇਨ੍ਹਾਂ ਆਜ਼ਾਦ ਉਮੀਦਵਾਰਾਂ ਦਾ ਕਿਸਾਨ ਯੂਨੀਅਨ ਵੱਲੋਂ ਵਾਰਡਾਂ ’ਚ ਜਾ ਕੇ ਵਿਰੋਧ ਕੀਤਾ ਜਾਵੇਗਾ ਕਿਉਂਕਿ ਇਹ ਆਗੂ ਚੋਣਾਂ ਜਿੱਤਣ ਤੋਂ ਬਾਅਦ ਫਿਰ ਪਾਰਟੀ ਦੀ ਬੁੱਕਲ ’ਚ ਜਾ ਕੇ ਵੜ ਜਾਣਗੇ। ਇਨ੍ਹਾਂ ਆਗੂਆਂ ਬਾਰੇ ਅਜਿਹੇ ਵਿਚਾਰ ਸ਼ਹਿਰ ਦੇ ਵਸਨੀਕਾਂ ਵੱਲੋਂ ਵੀ ਪ੍ਰਗਟਾਏ ਗਏ ਹਨ।