ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨੀ ਅੰਦੋਲਨ ਦੇ ਹੱਕ ‘ਚ ਇਕ ਵਾਰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ‘ਜਗਬਾਣੀ’ ਨਾਲ ਖ਼ਾਸ ਗੱਲਬਾਤ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਸਰਕਾਰ ਆਪਣਾ ਹੰਕਾਰ ਛੱਡਣ ਨੂੰ ਤਿਆਰ ਨਹੀਂ ਹੈ। ਸੁਨੀਲ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਖ਼ਿਲਾਫ਼ ਕਿਸਾਨਾਂ ਦੀ ਲੜਾਈ ਲੰਬੀ ਹੈ ਅਤੇ ਇਸ ਦੀ ਬਹੁਤ ਵੱਡੀ ਕੀਮਤ ਸਰਕਾਰ ਨੂੰ ਚੁਕਾਉਣੀ ਪਵੇਗੀ।
ਕੇਂਦਰ ਸਰਕਾਰ ਵੱਲੋਂ ਦਿੱਲੀ ਦੇ ਬਾਰਡਰਾਂ ‘ਤੇ ਠੋਕੀਆਂ ਗਈਆਂ ਕਿੱਲਾਂ ਬਾਰੇ ਬੋਲਦਿਆਂ ਜਾਖੜ ਨੇ ਕਿਹਾ ਕਿ ਇਸ ਨਾਲ ਦੋ ਤਰ੍ਹਾਂ ਦੇ ਨਤੀਜੇ ਨਿਕਲ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਸਾਰੇ ਲੋਕ ਜਾਗਰੂਕ ਹੋ ਗਏ ਕਿ ਇਹ ਮਸਲਾ ਪੰਜਾਬ ਦੇ ਕਿਸਾਨਾਂ ਦਾ ਨਹੀਂ, ਸਗੋਂ ਦੇਸ਼ ਦੀ ਆਜ਼ਾਦੀ ਦਾ ਹੈ ਤਾਂ ਲੋਕਾਂ ਦਾ ਗੁੱਸਾ ਇਸ ਤਾਨਾਸ਼ਾਹ ਸਰਕਾਰ ਦੇ ਖ਼ਿਲਾਫ਼ ਫੁੱਟ ਜਾਵੇਗਾ। ਉਨ੍ਹਾਂ ਕਿਹਾ ਕਿ ਪਰ ਜੇਕਰ ਅਜਿਹਾ ਨਹੀਂ ਹੁੰਦਾ ਅਤੇ ਲੋਕਾਂ ਨੇ ਇਹ ਸੋਚ ਲਿਆ ਕਿ ਇਹ ਤਾਂ ਬੱਸ ਕਿਸਾਨ ਤੁਰੇ-ਫਿਰਦੇ ਹਨ ਅਤੇ ਉਨ੍ਹਾਂ ਨੂੰ ਅੰਦੋਲਨ ਨਾਲ ਕੀ ਤਾਂ ਫਿਰ ਇਹੀ ਕਿੱਲਾਂ ਲੋਕਤੰਤਰ ਦੀ ਆਜ਼ਾਦੀ ‘ਤੇ ਠੁਕਣਗੀਆਂ ਅਤੇ ਫਿਰ ਸਰਕਾਰ ਦੀ ਤਾਨਾਸ਼ਾਹੀ ਹੀ ਚੱਲੇਗੀ।
ਉਨ੍ਹਾਂ ਕਿਹਾ ਕਿ ਕਿਸਾਨ ਤਾਂ ਆਪਣੇ ਮਸਲੇ ਸੁਲਝਾਉਣ ਲਈ ਦਿੱਲੀ ਅੰਦੋਲਨ ਕਰਨ ਗਏ ਸਨ ਪਰ ਇਹ ਲੜਾਈ ਤਾਂ ਹੁਣ ਹੋਰ ਹੀ ਰੰਗ ਲੈ ਗਈ ਹੈ ਅਤੇ ਲੋਕਤੰਤਰ ‘ਤੇ ਖ਼ਤਰਾ ਮੰਡਰਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ‘ਤੇ ਰਗੜੇ ਲਾਉਂਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਨੇ ਕਿਸਾਨਾਂ ਦੀ ਪਿੱਠ ‘ਚ ਛੁਰਾ ਮਾਰਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਖ਼ਰਾਬ ਕਰਨ ਲਈ ਅਕਾਲੀ ਦਲ ਹੀ ਜ਼ਿੰਮੇਵਾਰ ਹੈ। ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਪੰਜਾਬ ਦੇ ਲੋਕਾਂ ਨੂੰ ਨਜਰਬੱਟੂ ਹੀ ਹਨ ਅਤੇ ਚੋਣਾਂ ਦੌਰਾਨ ਲੋਕ ਇਨ੍ਹਾਂ ਨੂੰ ਸਬਕ ਸਿਖਾਉਣਗੇ।