ਨਵੀਂ ਦਿੱਲੀ- 26 ਜਨਵਰੀ ਨੂੰ ਹੋਈ ਘਟਨਾ ਮਗਰੋਂ ਗ੍ਰਿਫ਼ਤਾਰ ਕੀਤੇ ਗਏ 3 ਨੌਜਵਾਨ ਤਿਹਾੜ ਜੇਲ੍ਹ ਤੋਂ ਰਿਹਾਅ ਕਰ ਦਿੱਤੇ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਤਿਹਾੜ ਜੇਲ੍ਹ ਤੋਂ ਬਾਹਰ ਆਏ 3 ਨੌਜਵਾਨਾਂ ਨਾਲ ਗੱਲ ਕੀਤੀ। ਇਨ੍ਹਾਂ ਨੌਜਵਾਨਾਂ ਨੂੰ ਦਿੱਲੀ ਪੁਲਸ ਵਲੋਂ ਗਣਤੰਤਰ ਦਿਵਸ ‘ਤੇ ਟਰੈਕਟਰ ਰੈਲੀ ਦੌਰਾਨ ਹੋਈ ਹਿੰਸਾ ਦੇ ਦੋਸ਼ ‘ਚ ਫੜ੍ਹਿਆ ਗਿਆ ਸੀ। ਇਨ੍ਹਾਂ ਨਾਲ ਗੱਲ ਕਰਦੇ ਹੋਏ ਸਿਰਸਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਨੂੰ ਨਾਜਾਇਜ਼ ਕੇਸਾਂ ਦੇ ਅੰਦਰ ਫੜ੍ਹਿਆ ਗਿਆ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਰੇ ਕਿਸਾਨ ਜੋ ਝੂਠੇ ਕੇਸਾਂ ‘ਚ ਫੜ੍ਹੇ ਗਏ ਹਨ, ਬਾਹਰ ਨਹੀਂ ਆ ਜਾਂਦੇ, ਉਦੋਂ ਤੱਕ ਅੰਦੋਲਨ ਜਾਰੀ ਰਹਿਣਾ ਚਾਹੀਦਾ ਹੈ।
ਸੰਯੁਕਤ ਕਿਸਾਨ ਮੋਰਚਾ ਦੇ ਵਕੀਲ ਪੀ.ਐੱਸ. ਭੰਗੂ ਨੇ ਸਾਰੇ ਵਕੀਲਾਂ ਦੀ ਇਕ ਕਮੇਟੀ ਬਣਾਈ। ਜਿਨ੍ਹਾਂ ਨੇ ਵਟਸਐੱਪ ਗਰੁੱਪਾਂ ‘ਚ ਮੈਸੇਜ ਪਾ ਕੇ ਕਿਹਾ ਕਿ ਜੇਕਰ ਕਿਸੇ ਨੂੰ ਲੋੜ ਹੈ ਤਾਂ ਅਸੀਂ ਤੁਹਾਡੇ ਨਾਲ ਖੜ੍ਹੇ ਹਾਂ। ਸਿਰਸਾ ਨੇ ਕਿਹਾ ਕਿ ਗੱਦਾਰ ਕਹਿਲਾਉਣ ਨਾਲੋਂ ਮਰ ਜਾਣਾ ਮਨਜ਼ੂਰ ਹੈ ਪਰ ਆਪਣੇ ਭਰਾਵਾਂ ਦਾ ਸਾਥ ਨਹੀਂ ਛੱਡਾਂਗੇ। ਸਿਰਸਾ ਨੇ ਕਿਹਾ ਕਿ ਜਦੋਂ ਤੱਕ ਸਾਰੇ ਕਿਸਾਨਾਂ ਦੀਆਂ ਜ਼ਮਾਨਤਾਂ ਨਹੀਂ ਹੋ ਜਾਂਦੀਆਂ, ਉਦੋਂ ਤੱਕ ਸਾਰੇ ਵਕੀਲ ਲੜਾਈ ਲੜਦੇ ਰਹਿਣਗੇ। ਇਹ ਵਕੀਲ ਬਿਨਾਂ ਫ਼ੀਸ ਦੇ ਲੜਾਈ ਲੜ ਰਹੇ ਹਨ।
ਦੱਸਣਯੋਗ ਹੈ ਕਿ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਵਲੋਂ ਟਰੈਕਟਰ ਪਰੇਡ ਕੱਢੀ ਗਈ ਸੀ, ਜਿਸ ’ਚ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਹਿੰਸਾ ਹੋਈ ਸੀ। ਕਿਸਾਨਾਂ ਅਤੇ ਪੁਲਸ ਵਿਚਾਲੇ ਹਿੰਸਕ ਝੜਪਾਂ ਹੋਈਆਂ। ਇਸ ਦੌਰਾਨ ਲਾਲ ਕਿਲ੍ਹੇ ਕੰਪਲੈਕਸ ’ਚ ਵੱਡੀ ਗਿਣਤੀ ’ਚ ਪ੍ਰਦਰਸ਼ਨਕਾਰੀ ਪੁੱਜੇ, ਜਿੱਥੇ ਕੇਸਰੀ ਝੰਡਾ ਲਹਿਰਾ ਦਿੱਤਾ ਗਿਆ ਸੀ। ਇਸ ਮਾਮਲੇ ’ਚ ਦਿੱਲੀ ਪੁਲਸ ਨੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਕੇਸ ਦਰਜ ਕੀਤੇ ਗਏ ਹਨ।