ਦਸੂਹਾ, – ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਤਹਿਸੀਲ ਦਸੂਹਾ ਦੇ ਪਿੰਡ ਮਹੱਦੀਪੁਰ ਵਿਖੇ ਕਿਸਾਨ ਨੰਬਰਦਾਰ ਜਗਤਾਰ ਸਿੰਘ ਅਤੇ ਉਸਦੇ ਪੁੱਤਰ ਕਿਸਾਨ ਕਿਰਪਾਲ ਸਿੰਘ ਨੇ ਕਰਜ਼ੇ ਅਤੇ ਖੇਤੀ ਕਾਨੂੰਨਾਂ ਤੋਂ ਦੁਖੀ ਹੋ ਕੇ ਆਤਮਹੱਤਿਆ ਕਰ ਲਈ ਸੀ। ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ , ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਸੂਬਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਸਕੱਤਰ ਜਨਰਲ ਯੂਥ ਅਕਾਲੀ ਦਲ ਸਰਬਜੋਤ ਸਿੰਘ ਸਾਬੀ, ਐਡਵੋਕੇਟ ਰਾਜਗੁਲਜਿੰਦਰ ਸਿੰਘ ਸਿੱਧੂ ਆਦਿ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਉਕਤ ਦੋਵੇਂ ਪਿਉ-ਪੁੱਤ ਚਾਰ ਦਿਨ ਪਹਿਲਾਂ ਦਿੱਲੀ ਬਾਰਡਰ ਤੋਂ ਵਾਪਸ ਪਹੁੰਚੇ ਸਨ ਅਤੇ ਉਨ੍ਹਾਂ ਕੋਲੋਂ ਕਿਸਾਨਾਂ ਦਾ ਦੁੱਖ ਸਹਿਣ ਨਹੀਂ ਹੋਇਆ। ਜਿਸ ਕਾਰਣ ਉਨ੍ਹਾਂ ਕਰਜ਼ੇ ਅਤੇ ਕਾਲੇ ਕਾਨੂੰਨਾਂ ਦੇ ਤੋਂ ਦੁਖੀ ਹੋ ਕੇ ਆਤਮਹੱਤਿਆ ਕੀਤੀ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮ੍ਰਿਤਕ ਕਿਸਾਨ ਪਿੰਡ ਦਾ ਲੰਬੜਦਾਰ ਸੀ ਅਤੇ ਵੀਹ ਸਾਲ ਪਿੰਡ ਦਾ ਸਰਪੰਚ ਰਿਹਾ ਹੈ। ਇਸ ਦੀ ਇਕ ਏਕੜ ਜ਼ਮੀਨ ਸੀ ਅਤੇ ਉਹ ਕਰਜ਼ੇ ਦੇ ਬੋਝ ਹੇਠਾਂ ਬੁਰੀ ਤਰ੍ਹਾਂ ਨਾਲ ਦੱਬਿਆ ਹੋਇਆ ਸੀ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਕਿਸਾਨਾਂ ਦੇ ਕਰਜ਼ਿਆਂ ਨੂੰ ਮੁਆਫ ਨਹੀਂ ਕੀਤਾ ਅਤੇ ਗੁਟਕਾ ਸਾਹਿਬ ਦੀਆਂ ਝੂਠੀਆਂ ਸਹੁੰਆਂ ਖਾ ਕੇ ਕਿਸਾਨਾਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਜਦੋਂ ਕਿ ਹੁਣ ਵੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨਾਲ ਦੋਗਲੀ ਨੀਤੀ ਅਪਣਾ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਤੇ ਤਿੱਖਾ ਪ੍ਰਤੀਕਰਮ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਵੀ ਕਿਸਾਨਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਬਾਰਡਰਾਂ ’ਤੇ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਕੋਲ ਗਿਰਵੀ ਰੱਖਣਾ ਚਾਹੁੰਦਾ ਹੈ।
ਇਸ ਮੌਕੇ ਲਖਵਿੰਦਰ ਸਿੰਘ ਲੱਖੀ, ਅਰਵਿੰਦਰ ਸਿੰਘ ਰਸੂਲਪੁਰ, ਸੁਰਜੀਤ ਸਿੰਘ ਕੈਰੇ, ਗੁਰਪ੍ਰੀਤ ਸਿੰਘ ਬਿੱਕਾ ਚੀਮਾ, ਪ੍ਰਿੰ. ਨਵਦੀਪ ਸਿੰਘ ਵਿਰਕ, ਲਖਵਿੰਦਰ ਸਿੰਘ ਲੱਖੀ ਠੱਕਰ, ਸੁਖਵਿੰਦਰ ਸਿੰਘ ਵਿਰਕ, ਸੱਜਣ ਸਿੰਘ, ਭੁਪਿੰਦਰ ਸਿੰਘ ਨੀਲੂ, ਰਣਬੀਰ ਸਿੰਘ ਬੌਬੀ ਅਰੋਡ਼ਾ, ਕੁਲਵਿੰਦਰ ਸਿੰਘ ਕੇਪੀ, ਖੁਸ਼ਵੰਤ ਸਿੰਘ ਚੀਮਾ, ਸੁਖਵਿੰਦਰ ਸਿੰਘ ਮੂਨਕ, ਭੁਪਿੰਦਰ ਸਿੰਘ ਨੀਲੂ, ਹਰਪਾਲ ਸਿੰਘ ਬਿੰਟਾ, ਦਵਿੰਦਰ ਸਿੰਘ ਕਾਹਲੋਂ, ਕਮਲਜੀਤ ਸਿੰਘ ਤੁਲੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਤੇ ਪਿੰਡ ਵਾਸੀ ਹਾਜ਼ਰ ਸਨ।