ਤਰਨਤਾਰਨ – ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਣ ਆਏ ਵਿਅਕਤੀ ਦੇ ਭੇਤਭਰੀ ਹਾਲਤ ਵਿਚ ਲਾਪਤਾ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਪੁਲਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਸ਼ਸ਼ੀ ਕੌਸ਼ਲ ਪਤਨੀ ਸਾਹਿਬ ਸਿੰਘ ਵਾਸੀ ਜੋਧਪੁਰ ਰੋਡ ਤਰਨਤਾਰਨ ਨੇ ਦੱਸਿਆ ਕਿ ਬੀਤੀ 13 ਫਰਵਰੀ ਨੂੰ ਉਸ ਦਾ ਪਤੀ ਸਾਹਿਬ ਸਿੰਘ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਣ ਗਿਆ ਸੀ ਅਤੇ ਉਹ ਆਪਣੀ ਡਿਊਟੀ ’ਤੇ ਚਲੀ ਗਈ।
ਉਸ ਨੇ ਦੱਸਿਆ ਕਿ ਕੁਝ ਸਮੇਂ ਬਾਅਦ ਉਸ ਨੇ ਆਪਣੇ ਪਤੀ ਨੂੰ ਫੋਨ ਕੀਤਾ ਤਾਂ ਉਸ ਨੇ ਕਿਹਾ ਕਿ ਮੈਂ ਦਰਬਾਰ ਸਾਹਿਬ ਵਿਚ ਸੇਵਾ ਕਰ ਰਿਹਾ ਹਾਂ ਪਰ ਜਦੋਂ ਉਹ ਡਿਊਟੀ ਤੋਂ ਵਾਪਸ ਆਈ ਤਾਂ ਵੇਖਿਆ ਕਿ ਉਸ ਦਾ ਪਤੀ ਅਜੇ ਤੱਕ ਘਰ ਵਾਪਸ ਨਹੀਂ ਆਇਆ ਸੀ। ਉਸ ਨੇ ਉਸ ਨੂੰ ਫੋਨ ਵੀ ਕੀਤਾ ਪਰ ਉਸ ਦਾ ਫੋਨ ਬੰਦ ਆ ਰਿਹਾ ਸੀ। ਉਸ ਨੇ ਆਪਣੇ ਰਿਸ਼ਤੇਦਾਰਾਂ ਵਿਚ ਵੀ ਭਾਲ ਕੀਤੀ ਪਰ ਉਸ ਦਾ ਪਤੀ ਨਹੀਂ ਮਿਲਿਆ।
ਉਸ ਨੂੰ ਸ਼ੱਕ ਹੈ ਕਿ ਕਿਸੇ ਨੇ ਉਸ ਦੇ ਪਤੀ ਨੂੰ ਅਗਵਾ ਕਰ ਲਿਆ ਹੈ, ਜਿਸ ਦੀ ਸ਼ਿਕਾਇਤ ਉਸ ਨੇ ਤੁਰੰਤ ਪੁਲਸ ਨੂੰ ਕਰ ਦਿੱਤੀ। ਇਸ ਸਬੰਧੀ ਏ. ਐੱਸ. ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ 346 ਅਧੀਨ ਕੇਸ ਦਰਜ ਕਰਕੇ ਲਾਪਤਾ ਵਿਅਕਤੀ ਦੀ ਭਾਲ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।