ਚੰਡੀਗੜ੍ਹ : ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਆਖਿਆ ਹੈ ਕਿ ਪ੍ਰਸਿੱਧ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ਨਾਲ ਸਾਡੇ ਸਾਰਿਆਂ ਲਈ ਅਸਹਿ ਦੁੱਖ ਤੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਪਿਛਲੇ ਦਿਨੀਂ ਹੀ ਕੋਵਿਡ-19 ਪਾਜ਼ੇਟਿਵ ਪਾਏ ਗਏ ਸਨ ਤੇ ਜ਼ੇਰੇ ਇਲਾਜ ਸਨ। ਉਨ੍ਹਾਂ ਦੀ ਪੰਜਾਬੀ ਸੰਗੀਤ ਨੂੰ ਦੇਣ ਬਹੁਤ ਵੱਡੀ ਹੈ ਜੋ ਸਦਾ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ। ਮੇਰੀਆਂ ਅਰਦਾਸਾਂ ਮਰਹੂਮ ਸਰਦੂਲ ਸਿਕੰਦਰ ਦੇ ਪਰਿਵਾਰ ਦਾ ਨਾਲ ਹਨ। ਵਾਹਿਗੁਰੂ ਵਿਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ।
ਦੱਸਣਯੋਗ ਹੈ ਕਿ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਪੰਜਾਬੀ ਗਾਇਕੀ ਦੇ ਬਾਬਾ ਬੋਹੜ ਵੱਜੋਂ ਜਾਣੇ ਜਾਂਦੇ ਪਿਛਲੇ ਚਾਰ ਦਹਾਕਿਆਂ ਤੋਂ ਪੰਜਾਬੀਅਤ ਦੀ ਸੇਵਾ ਕਰ ਰਹੇ ਪ੍ਰਸਿੱਧ ਕਲਾਕਾਰ ਸਰਦੂਲ ਸਿਕੰਦਰ ਨੇ ਬੁੱਧਵਾਰ ਨੂੰ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਕਹਿ ਦਿੱਤਾ। ਸਰਦੂਲ ਸਿਕੰਦਰ ਪਿਛਲੇ ਡੇਢ ਮਹੀਨੇ ਤੋਂ ਮੋਹਾਲੀ ਦੇ ਫੇਜ਼-8 ਵਿਖੇ ਸਥਿਤ ਫੋਰਟਿਸ ਹਸਪਤਾਲ ‘ਚ ਕੋਰੋਨਾ ਮਹਾਮਾਰੀ ਦਾ ਇਲਾਜ ਕਰਵਾ ਰਹੇ ਸਨ।
ਉਨ੍ਹਾਂ ਦੀ ਮੌਤ ਨਾਲ ਪੰਜਾਬੀ ਇੰਡਸਟਰੀ ਅਤੇ ਆਮ ਜਨਤਾ ‘ਚ ਸੋਗ ਦੀ ਲਹਿਰ ਦੌੜ ਗਈ ਹੈ। ਉੱਥੇ ਹੀ ਪਰਿਵਾਰ ਨੂੰ ਉਨ੍ਹਾਂ ਦੀ ਮੌਤ ਦਾ ਡੂੰਘਾ ਸਦਮਾ ਲੱਗਾ ਹੈ। ਇਹ ਵੀ ਪਤਾ ਲੱਗਾ ਹੈ ਕਿ ਸਰਦੂਲ ਸਿਕੰਦਰ 4 ਮਹੀਨਿਆਂ ਤੋਂ ਵੱਖ-ਵੱਖ ਹਸਪਤਾਲਾਂ ‘ਚ ਇਲਾਜ ਕਰਵਾਉਣ ਦੌਰਾਨ ਪਿਛਲੇ ਲਗਭਗ ਡੇਢ ਮਹੀਨੇ ਤੋਂ ਫੋਰਟਿਸ ਹਸਪਤਾਲ ਵਿਖੇ ਇਲਾਜ ਅਧੀਨ ਸਨ।