ਮਜੀਠਾ : ਹਲਕਾ ਮਜੀਠਾ ਦੇ ਵਸਨੀਕ ਇਕ ਕਿਸਾਨ ਆਗੂ ਜੋ ਕਿ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੌਰਾਨ 18 ਫਰਵਰੀ ਨੂੰ ਸ਼ਹੀਦ ਹੋ ਗਏ ਸਨ। ਸ਼ਹੀਦ ਕਿਸਾਨ ਤਰਸੇਮ ਸਿੰਘ ਖਾਲਸਾ 2 ਮਹੀਨੇ ਤੋਂ ਦਿੱਲੀ ਰੋਸ ਧਰਨੇ ਵਿਚ ਜਾ ਰਹੇ ਸਨ। ਅੱਜ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਸ਼ਹੀਦ ਕਿਸਾਨ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਭੋਮਾਂ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਸਰਕਾਰ ਕਿਸਾਨੀ ਸੰਘਰਸ਼ ਨੂੰ ਖ਼ਤਮ ਕਰਨਾ ਚਾਹੁੰਦੀ ਹੈ।
ਉਨ੍ਹਾਂ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਦੇ ਭੀੜ ਵਾਲੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿਸਾਨੀ ਅੰਦੋਲਨ ’ਚ ਜੁੜੇ ਲੋਕ ਭੀੜ ਨਹੀਂ ਬਲਕਿ ਕਿਸਾਨਾਂ ਦੇ ਜਜ਼ਬਾਤ ਹਨ। ਭਾਜਪਾ ਸਰਕਾਰ ਲੋਕਾਂ ਦਾ ਦਰਦ ਨਹੀਂ ਸਮਝ ਸਕੀ। ਮਜੀਠੀਆ ਨੇ ਕਿਹਾ ਕਿ ਭਾਜਪਾ ਵਾਲੇ ਜਿਥੇ ਇਕ ਪਾਸੇ ਆਪਣੇ ਆਪ ਨੂੰ ਦੇਸ਼ ਭਗਤ ਅਖਵਾਉਣ ਲਈ ਸਟੇਜਾਂ ਤੋਂ ਜੈ ਜਵਾਨ ਜੈ ਕਿਸਾਨ ਦੇ ਵੱਡੇ-ਵੱਡੇ ਨਾਅਰੇ ਲਗਾਉਂਦੇ ਹਨ ਤਾਂ ਦੂਜੇ ਪਾਸੇ ਕਿਸਾਨਾਂ ਨੂੰ ਕਦੇ ਖਾਲਿਸਤਾਨੀ ਤੇ ਕਦੇ ਦੇਸ਼ ਵਿਰੋਧੀ ਕਹਿ ਕੇ ਕੇਂਦਰ ਸਰਕਾਰ ਕਿਸਾਨਾਂ ਦਾ ਅਪਮਾਨ ਕਰ ਰਹੀ ਹੈ। ਸਹੀ ਮਾਇਨੇ ਵਿਚ ਭਾਜਪਾ ਸਰਕਾਰ ਕਿਸਾਨ ਅਤੇ ਜਵਾਨ ਵਿਰੋਧੀ ਹੈ।
ਕੇਂਦਰ ਸਰਕਾਰ ਕਿਸਾਨਾਂ ਅਤੇ ਮਜ਼ਦੂਰਾ ਦੀ ਗੱਲ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸਾਨੀ ਸੰਘਰਸ਼ ਨੂੰ ਹਰ ਸੰਭਵ ਸਹਿਯੋਗ ਜਾਰੀ ਰਹੇਗਾ। ਮਜੀਠੀਆ ਨੇ ਕਿਹਾ ਕਿ ਸ਼ਹੀਦ ਤਰਸੇਮ ਸਿੰਘ ਦੇ ਪਰਿਵਾਰ ਦੇ ਹੌਂਸਲੇ ਬੁ¦ਦ ਹਨ। ਉਨ੍ਹਾਂ ਕਿਹਾ ਕਿਸਾਨਾਂ ਦਾ ਇਕੋ-ਇਕ ਮਕਸਦ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣਾ ਹੈ ਪਰ ਬਹੁਤ ਦੁੱਖ ਦੀ ਗੱਲ ਹੈ ਕਿ ਸਰਕਾਰ ਕਿਸਾਨਾਂ ਦੀ ਗੱਲ ਤੱਕ ਸੁਣਨ ਨੂੰ ਤਿਆਰ ਨਹੀਂ। ਇਸ ਮੌਕੇ ਬਿਕਰਮ ਮਜੀਠੀਆ ਵੱਲੋਂ ਸ਼ਹੀਦ ਹੋਏ ਕਿਸਾਨ ਦੇ ਪਰਿਵਾਰ ਦੀ ਮਾਲੀ ਸਹਾਇਤਾ ਕਰਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈ¤ਕ ਦਿੱਤਾ ਗਿਆ। ਇਸ ਮੌਕੇ ਉਕਤ ਤੋਂ ਇਲਾਵਾ ਸ਼੍ਰਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਿਡ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਗਗਨਦੀਪ ਸਿੰਘ ਭਕਨਾ, ਪਟਵਾਰੀ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਸੁਖਚੈਨ ਸਿੰਘ ਭੋਮਾਂ ਆਦਿ ਤੋਂ ਇਲਾਵਾ ਕਈ ਆਗੂ ਤੇ ਵਰਕਰ ਹਾਜ਼ਰ ਸਨ।