ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਮਾਮਲੇ ਦੀ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ

.ਫਰੀਦਕੋਟ – ਬਹਿਬਲ ਅਤੇ ਕੋਟਕਪੂਰਾ ਗੋਲੀ ਕਾਂਡ ਦੇ ਮਾਮਲੇ ਦੀ ਸੈਸ਼ਨ ਜੱਜ ਸੁਮੀਤ ਮਲਹੋਤਰਾ ਦੀ ਅਦਾਲਤ ਵਿਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਹੜਤਾਲ ਹੋਣ ਕਾਰਨ ਸੁਣਵਾਈ ਨਹੀਂ ਹੋ ਸਕੀ । ਸੁਣਵਾਈ ਦੌਰਾਨ ਪਰਮਰਾਜ ਸਿੰਘ ਉਮਰਾਨੰਗਲ ਬਿਮਾਰ ਹੋਣ ਕਾਰਨ ਅਦਾਲਤ ਵਿਚ ਹਾਜ਼ਰ ਨਹੀਂ ਹੋਏ ਅਤੇ ਇਸੇ ਤਰ੍ਹਾਂ ਐੱਸ. ਪੀ. ਪਰਮਜੀਤ ਸਿੰਘ ਸੀ. ਬੀ. ਆਈ. ਦੀ ਅਦਾਲਤ ਵਿਚ ਦਿੱਲੀ ਗਏ ਹੋਣ ਕਰਕੇ ਅਦਾਲਤ ਸਾਹਮਣੇ ਪੇਸ਼ ਨਹੀ ਹੋਏ ।
ਅਦਾਲਤ ਨੇ ਦੋਹਾਂ ਕੇਸਾਂ ਦੀ ਸੁਣਵਾਈ 2 ਅਪ੍ਰੈਲ ਤੱਕ ਮੁਲਤਵੀ ਕਰ ਦਿੱਤੀ। ਜ਼ਿਲ੍ਹਾ ਅਟਾਰਨੀ ਰਜਨੀਸ਼ ਗੋਇਲ ਨੇ ਅਦਾਲਤ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਮੁਲਜ਼ਮਾਂ ਖ਼ਿਲਾਫ਼ ਚਲਾਨ ਸੈਸ਼ਨ ਕੋਰਟ ਵਿਚ ਆ ਚੁੱਕਾ ਹੈ, ਉਨ੍ਹਾਂ ਖ਼ਿਲਾਫ਼ ਸੁਣਵਾਈ ਸ਼ੁਰੂ ਕਰ ਦਿੱਤੀ ਜਾਵੇ। ਉਨਾਂ ਕਿਹਾ ਕਿ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਖ਼ਿਲਾਫ਼ ਵੀ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਪੇਸ਼ ਹੋ ਚੱਕਾ ਹੈ ਪਰ ਹਾਲੇ ਇਹ ਕੇਸ ਸੁਣਵਾਈ ਲਈ ਸੈਸ਼ਨ ਕੋਰਟ ਵਿਚ ਨਹੀਂ ਆਇਆ। ਇਸ ਲਈ ਇਸ ਕੇਸ ਦੀ ਵੱਖ ਤੋਂ ਸੁਣਵਾਈ ਕੀਤੀ ਜਾਵੇ । ਸੈਸ਼ਨ ਜੱਜ ਸੁਮੀਤ ਮਲਹੋਮਤਰਾ ਨੇ ਕਿਹਾ ਕਿ ਪਰਮਰਾਜ ਸਿੰਘ ਉਮਰਾਨੰਗਲ ਤੇ ਸੁਮੇਧ ਸੈਣੀ ਖ਼ਿਲਾਫ਼ ਚਲਾਨ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚੋਂ ਜਲਦ ਸੈਸ਼ਨ ਕੋਰਟ ਵਿਚ ਪੁੱਜਣ ਵਾਲਾ ਹੈ । ਇਸ ਲਈ ਸਾਰੇ ਮੁਲਜ਼ਮਾਂ ਖ਼ਿਲਾਫ਼ ਇਕੋ ਵੇਲੇ ਸੁਣਵਾਈ ਸ਼ੁਰੂ ਕੀਤੀ ਜਾਵੇਗੀ ।