ਸ੍ਰੀ ਮੁਕਤਸਰ ਸਾਹਿਬ : ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਮਲੋਟ ਵਿਚ ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਵਾਪਰੀ ਘਟਨਾ ਦੀ ਨਿੰਦਾ ਕੀਤੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਇਹ ਘਟਨਾ ਭਾਜਪਾ ਲੀਡਰਸ਼ਿਪ ਵਲੋਂ ਲਗਾਤਾਰ ਕੀਤੀ ਜਾ ਰਹੀ ਗਲਤ ਬਿਆਨਬਾਜ਼ੀ ਦਾ ਵੀ ਨਤੀਜਾ ਹੈ। ਡੱਲੇਵਾਲ ਨੇ ਕਿਹਾ ਕਿ ਕਿਸਾਨ ਪੂਰੀ ਤਰ੍ਹਾਂ ਸ਼ਾਂਤਮਈ ਅੰਦੋਲਨ ਕਰ ਰਹੇ ਹਨ। 26 ਮਾਰਚ ਦਾ ਬੰਦ ਵੀ ਸ਼ਾਂਤਮਈ ਰਿਹਾ ਪਰ ਭਾਜਪਾ ਲੀਡਰਸ਼ਿਪ ਵੱਲੋ ਲਗਾਤਾਰ ਗਲਤ ਬਿਆਨਬਾਜ਼ੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਪ੍ਰੈਸ ਕਾਨਫਰੰਸ ਦੌਰਾਨ ਗ੍ਰਿਫ਼ਤਾਰ ਕਰ ਲਿਆ ਗਿਆ। ਡੱਲੇਵਾਲ ਨੇ ਕਿਹਾ ਕਿ ਅਸੀਂ ਕਿਸੇ ਤਰ੍ਹਾਂ ਵੀ ਦੇਸ਼ ਦਾ ਮਾਹੌਲ ਖ਼ਰਾਬ ਨਹੀਂ ਕਰਨਾ ਚਾਹੁੰਦੇ ਪਰ ਭਾਜਪਾ ਲੀਡਰਸ਼ਿਪ ਨੂੰ ਗਲਤ ਬਿਆਨਬਾਜ਼ੀ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਅਹੁਦੇਦਾਰ ਲਗਾਤਾਰ ਮਲੋਟ ਵਿਖੇ ਮੁਜ਼ਾਹਰਾ ਕਰ ਰਹੇ ਲੋਕਾਂ ਨੂੰ ਸ਼ਾਂਤੀ ਬਣਾਏ ਰਖਣ ਦੀ ਅਪੀਲ ਕਰਦੇ ਰਹੇ ਪਰ ਇਸਦੇ ਬਾਵਜੂਦ ਵੀ ਉਥੇ ਇਹ ਘਟਨਾ ਵਾਪਰ ਗਈ। ਉਹ ਇਸ ਘਟਨਾ ਦੀ ਨਿੰਦਾ ਕਰਦੇ ਹਨ।