ਕੋਟਕਪੂਰਾ ਗੋਲ਼ੀਕਾਂਡ ਦੀ ਜਾਂਚ ਲਈ ਸਰਕਾਰ ਵਲੋਂ ਨਵੀਂ ‘ਸਿਟ’ ਦੇ ਗਠਨ ਦਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਨਵੀਂ ਵਿਸ਼ੇਸ਼ ਜਾਂਚ ਟੀਮ ਮਤਲਬ ‘ਸਿਟ’ ਦੇ ਗਠਨ ਦਾ ਫ਼ੈਸਲਾ ਲਿਆ ਹੈ। ਇਹ ‘ਸਿਟ’ ਇਕ ਤੈਅ ਸਮੇਂ ਵਿਚ ਜਾਂਚ ਨੂੰ ਸੰਪੰਨ ਕਰੇਗੀ। ਇਸ ਕੜੀ ਵਿਚ ਕਾਨੂੰਨੀ ਮਾਹਿਰਾਂ ਦੀ ਰਾਏ ਅਨੁਸਾਰ ਹਾਈ ਕੋਰਟ ਦੇ ਫ਼ੈਸਲੇ ਵਿਚ ਕੁਝ ਗੱਲਾਂ ਕੋਰਟ ਦੇ ਅਧਿਕਾਰ ਖੇਤਰ ਤੋਂ ਅੱਗੇ ਦੀਆਂ ਕਹੀਆਂ ਗਈਆਂ ਹਨ, ਜਿਨ੍ਹਾਂ ਸਬੰਧੀ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਕੇਸ ਦਰਜ ਕੀਤਾ ਜਾਵੇਗਾ।
ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕੈਬਨਿਟ ਦੇ ਹੋਰ ਮੰਤਰੀਆਂ ਨਾਲ ਬੈਠਕ ਤੋਂ ਬਾਅਦ ਸੂਬਾ ਕਾਂਗਰਸ ਪ੍ਰਧਾਨ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਵਿਚ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਨੂੰ ਆਕਸੀਜਨ ਦੀ ਸਪਲਾਈ ਦੇਣ ਵਿਚ ਕੇਂਦਰ ਸਰਕਾਰ ਵਲੋਂ ਭੇਦਭਾਵ ਕੀਤਾ ਜਾ ਰਿਹਾ ਹੈ ਅਤੇ ਜੋ ਮਾਤਰਾ ਸੂਬੇ ਨੂੰ ਅਲਾਟ ਹੋਈ ਹੈ, ਉਸ ਦੀ ਪਹੁੰਚ ਵੀ ਸਮੇਂ ’ਤੇ ਨਹੀਂ ਦਿੱਤੀ ਜਾ ਰਹੀ ਹੈ। ਮੰਗ ਅਤੇ ਸਪਲਾਈ ਵਿਚ ਵੱਡਾ ਫਰਕ ਹੈ ਅਤੇ ਆਕਸੀਜਨ ਦੀ ਸਪਲਾਈ ਵਿਚ ਕੇਂਦਰ ਵਲੋਂ ਕੀਤੀ ਜਾ ਰਹੀ ਦੇਰੀ ਦਾ ਪਲ-ਪਲ ਸਾਡੇ ਲੋਕਾਂ ਦੀ ਜਾਨ ’ਤੇ ਭਾਰੀ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਪੌਣੇ ਛੇ ਸੌ ਮਰੀਜ਼ ਆਕਸੀਜਨ ਸੁਪੋਰਟ ’ਤੇ ਹਨ, 65 ਵੈਂਟੀਲੇਟਰ ਸੁਪੋਰਟ ’ਤੇ ਹਨ। ਇਸ ਲਈ ਆਕਸੀਜਨ ਦੀ ਸਪਲਾਈ ਜ਼ਰੂਰੀ ਹੈ ਪਰ ਕੇਂਦਰ ਸਰਕਾਰ ਵਲੋਂ ਭੇਦਭਾਵ ਕਰਦਿਆਂ ਜਰੂਰਤ ਅਨੁਸਾਰ ਪੰਜਾਬ ਨੂੰ ਆਕਸੀਜਨ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ।