ਕੋਵਿਡ ਆਫ਼ਤ ’ਚ ਅਮਰਿੰਦਰ ਪੰਜਾਬ ਨੂੰ ਸੰਭਾਲਣ ’ਚ ਹੋਏ ਅਸਫ਼ਲ : ਅਸ਼ਵਨੀ ਸ਼ਰਮਾ

ਚੰਡੀਗੜ੍ਹ : ਅਮਰਿੰਦਰ ਸਰਕਾਰ ਨੂੰ ਸੂਬੇ ਵਿਚ ਕੋਵਿਡ ਦੀ ਦੂਜੀ ਲਹਿਰ ਦੀ ਗੰਭੀਰ ਚੁਣੌਤੀ ਨਾਲ ਨਜਿੱਠਣ ਲਈ ਪ੍ਰਸ਼ਾਸਨ ਨੂੰ ਤਿਆਰ ਕਰਨਾ ਚਾਹੀਦਾ ਸੀ। ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੀ ਗੰਭੀਰ ਸਥਿਤੀ ਦਾ ਅੰਦਾਜਾ ਲਗਾਉਣ ’ਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਸੂਬੇ ’ਚ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਅਤੇ ਸਿਹਤ ਸਹੂਲਤਾਂ ਵੱਲ ਆਪਣਾ ਧਿਆਨ ਕੇਂਦਰਿਤ ਕਰਨ ਨਾਲੋਂ ਪਾਰਟੀ ’ਚ ਉਨ੍ਹਾਂ ਵਿਰੁੱਧ ਪੈਦਾ ਹੋਈ ਅਸੰਤੁਸ਼ਟੀ ਕਰਕੇ ਆਪਣੀ ਕੁਰਸੀ ਸੰਭਾਲਣ ਬਾਰੇ ਵਧੇਰੇ ਚਿੰਤਤ ਹਨ। ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿਚ ਕੋਵਿਡ ਮਰੀਜਾਂ ਨਾਲ ਨਜਿੱਠਣ ਲਈ ਆਈ. ਸੀ. ਯੂ. ਅਤੇ ਬੈੱਡ ਹੀ ਨਹੀਂ ਹਨ।
ਸ਼ਰਮਾ ਨੇ ਕਿਹਾ ਕਿ ਅਮਰਿੰਦਰ ਸਰਕਾਰ ਕੇਂਦਰ ਵਿਚ ਮੋਦੀ ਸਰਕਾਰ ਵਲੋਂ ਪੂਰੀ ਮਦਦ ਦਿੱਤੇ ਜਾਣ ਦੇ ਬਾਵਜੂਦ ਲੋਕਾਂ ਨੂੰ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਵਿਚ ਬੁਰੀ ਤਰ੍ਹਾਂ ਅਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੀਆਂ ਅਸਫ਼ਲਤਾਵਾਂ ਨੂੰ ਲੁਕਾਉਣ ਲਈ ਕੇਂਦਰ ’ਤੇ ਦੋਸ਼ ਲਗਾਉਂਦੇ ਰਹੇ ਹਨ, ਹਾਲਾਂਕਿ ਸੱਚਾਈ ਇਹ ਹੈ ਕਿ ਕੇਂਦਰ ਨੇ ਪੰਜਾਬ ਨੂੰ 1000 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਮੁਹੱਈਆ ਕਰਵਾਈ ਹੈ। ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਪਣਾ ਦਫ਼ਤਰ ਘਰ ਵਿਚ ਵੀ ਸਥਾਪਿਤ ਕਰਨਾ ਚਾਹੀਦਾ ਹੈ, ਤਾਂ ਜੋ ਦੁਖੀ ਲੋਕਾਂ ਵੱਲ ਘੱਟ ਤੋਂ ਘੱਟ ਸਮੇਂ ਸਿਰ ਧਿਆਨ ਦਿੱਤਾ ਜਾ ਸਕੇ।