ਜਲੰਧਰ/ਚੰਡੀਗੜ੍ਹ : ਪੰਜਾਬ ਦੀ ਸਿਆਸਤ ’ਚ ਆ ਰਹੇ ਉਤਰਾਅ-ਚੜ੍ਹਾਅ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਚੰਡੀਗੜ੍ਹ ਨੂੰ ਛੱਡ ਕੇ ਜਲਦੀ ਹੀ ਜ਼ਿਲ੍ਹਿਆਂ ਦੇ ਦੌਰੇ ਸ਼ੁਰੂ ਕਰਨ ਵਾਲੇ ਹਨ। ਸੂਤਰਾਂ ਅਨੁਸਾਰ ਕੈਬਨਿਟ ਵਿਚ ਫੇਰਬਦਲ ਪਿੱਛੋਂ ਅਗਲੇ ਪੜਅ ਵਿਚ ਕੈਬਨਿਟ ਦਾ ਪੁਰਾਣਾ ਰੂਪ ਦੇਖਣ ਨੂੰ ਮਿਲ ਸਕਦਾ ਹੈ, ਜਿਸ ਅਧੀਨ ਉਹ ਜ਼ਿਲ੍ਹਿਆਂ ਵਿਚ ਜਾ ਕੇ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਵਿਧਾਇਕਾਂ ਤੋਂ ਇਲਾਵਾ ਜ਼ਮੀਨੀ ਪੱਧਰ ਨਾਲ ਜੁੜੇ ਆਮ ਕਾਂਗਰਸੀਆਂ ਦੀ ਰਿਹਾਇਸ਼ ’ਤੇ ਜਾ ਕੇ ਉਨ੍ਹਾਂ ਨਾਲ ਮੁਲਾਕਾਤ ਕਰਨਗੇ।
ਸੂਬਾ ਵਿਧਾਨ ਸਭਾ ਦੀਆਂ ਪਿਛਲੀਆਂ ਆਮ ਚੋਣਾਂ ਤੋਂ ਪਹਿਲਾਂ ਵੀ ਕੈਪਟਨ ਇਸੇ ਤਰ੍ਹਾਂ ਜ਼ਿਲ੍ਹਿਆਂ ਦੇ ਦੌਰੇ ਕਰਨ ਦੌਰਾਨ ਕਾਂਗਰਸੀਆਂ ਦੇ ਘਰਾਂ ਵਿਚ ਜਾਇਆ ਕਰਦੇ ਸਨ। ਹੁਣ ਉਹ ਚੰਡੀਗੜ੍ਹ ਵਿਖੇ ਸਰਕਾਰੀ ਬੈਠਕਾਂ ਕਰਿਆ ਕਰਨਗੇ ਅਤੇ ਜ਼ਿਲ੍ਹਿਆਂ ਦੇ ਦੌਰਿਆਂ ਦੌਰਾਨ ਕਾਂਗਰਸੀ ਆਗੂਆਂ ਨੂੰ ਅਹਿਮੀਅਤ ਦੇਣਗੇ।
ਇਸ ਨਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਿਹਰਸਲ ਵੀ ਹੋ ਜਾਵੇਗੀ। ਮੁੱਖ ਮੰਤਰੀ ਨੂੰ ਕਈ ਤਰ੍ਹਾਂ ਦੇ ਸੁਝਾਅ ਦਿੱਤੇ ਗਏ ਹਨ। ਚੰਡੀਗੜ੍ਹ ਵਿਚ ਤਾਂ ਉਨ੍ਹਾਂ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੂੰ ਮਿਲਣਾ ਵੀ ਸ਼ੁਰੂ ਕਰ ਦਿੱਤਾ ਹੈ।