ਨਵੀਂ ਦਿੱਲੀ— ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਮਗਰੋਂ ਉੱਥੋਂ ਲੋਕਾਂ ਨੂੰ ਬਾਹਰ ਕੱਢਣ ਦੀ ਮੁਹਿੰਮ ਜਾਰੀ ਹੈ। ਭਾਰਤੀ ਹਵਾਈ ਫ਼ੌਜ ਦੇ ਜਵਾਨ ਜਾਨ ਜ਼ੋਖਮ ਵਿਚ ਪਾ ਕੇ ਅਫ਼ਗਾਨਿਸਤਾਨ ਤੋਂ ਲੋਕਾਂ ਨੂੰ ਏਅਰਲਿਫਟ ਕਰਨ ਵਿਚ ਲੱਗੇ ਹੋਏ ਹਨ। ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ ਜੰਗ ਪ੍ਰਭਾਵਿਤ ਅਫ਼ਗਾਨਿਸਤਾਨ ਤੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਤੇ 78 ਲੋਕਾਂ ਨੂੰ ਲੈ ਕੇ ਭਾਰਤ ਪੁੱਜਾ ਹੈ। ਇਸ ’ਚ 25 ਭਾਰਤੀ ਨਾਗਰਿਕਾਂ ਸਮੇਤ 78 ਯਾਤਰੀ ਸਵਾਰ ਸਨ। ਇਹ ਸਾਰੇ ਅੱਜ ਯਾਨੀ ਕਿ ਮੰਗਲਵਾਰ ਦੀ ਸਵੇਰ ਨੂੰ ਦਿੱਲੀ ਹਵਾਈ ਅੱਡੇ ’ਤੇ ਪਹੁੰਚੇ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਇਹ ਜਾਣਕਾਰੀ ਦਿੱਤੀ।
ਹਰਦੀਪ ਪੁਰੀ ਮਰਿਆਦਾ ਸਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਿਰ ’ਤੇ ਰੱਖ ਕੇ ਹਵਾਈ ਅੱਡੇ ਤੋਂ ਬਾਹਰ ਆਏ—
ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਨੂੰ ਸਿਰ ’ਤੇ ਰੱਖ ਕੇ ਲਿਆਂਦਾ ਗਿਆ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਤਿੰਨ ਹੋਰ ਮੰਤਰੀ ਦਿੱਲੀ ਹਵਾਈ ਅੱਡੇ ’ਤੇ ਕਾਬੁਲ ਤੋਂ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਨੂੰ ਰਿਸੀਵ ਕਰਨ ਪੁੱਜੇ। ਹਰਦੀਪ ਪੁਰੀ ਪੂਰੀ ਮਰਿਆਦਾ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਆਪਣੇ ਸਿਰ ’ਤੇ ਲੈ ਕੇ ਹਵਾਈ ਅੱਡੇ ਤੋਂ ਬਾਹਰ ਨਿਕਲੇ।
ਵਾਹੁ ਵਾਹੁ ਬਾਣੀ ਨਿਰੰਕਾਰ ਹੈ ।
ਤਿਸੁ ਜੇਵਡੁ ਅਵਰੁ ਨ ਕੋਇ ।।
ਇਸ ਦੌਰਾਨ ਕੇਂਦਰੀ ਮੰਤਰੀ ਹਰਦੀਪ ਪੁਰੀ ਵਾਹਿਗੁਰੂ ਦਾ ਜਾਪ ਕਰ ਕਰਦੇ ਰਹੇ। ਇਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਪੂਰੇ ਸਨਮਾਨ ਨਾਲ ਗੁਰਦੁਆਰਾ ਸਾਹਿਬ ਪਹੁੰਚਾਇਆ ਜਾਵੇਗਾ। ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਟਵੀਟ ਕਰ ਕੇ ਕਿਹਾ ਕਿ ਅੱਜ ਕਾਬੁਲ ਤੋਂ ਦਿੱਲੀ ਆਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਭਾਰਤ ’ਚ ਲਿਆਂਦੇ ਗਏ। ਉਨ੍ਹਾਂ ਦੀ ਸੇਵਾ ਕਰਨ ਦਾ ਅਖੰਡ ਸੌਗਾਭ ਪ੍ਰਾਪਤ ਹੋਇਆ।
ਭਾਰਤ ਪਰਤੇ ਲੋਕਾਂ ਦੇ ਚਿਹਰਿਆਂ ’ਤੇ ਖੁਸ਼ੀ ਦੀ ਝਲਕ—
ਹਵਾਈ ਅੱਡੇ ਪਹੁੰਚਣ ’ਤੇ ਇਨ੍ਹਾਂ ਲੋਕਾਂ ਦੇ ਚਿਹਰਿਆਂ ’ਤੇ ਕਾਬੁਲ ਤੋਂ ਸੁਰੱਖਿਅਤ ਨਿਕਲਣ ਦੀ ਖ਼ੁਸ਼ੀ ਸਾਫ਼ ਨਜ਼ਰ ਆ ਰਹੀ ਸੀ। ਇਕ ਵੀਡੀਓ ਵਿਚ ਕਾਬੁਲ ਤੋਂ ਪਰਤੇ ਲੋਕ ‘ਜੋ ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ ਅਤੇ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ’ ਕਹਿੰਦੇ ਹੋਏ ਨਜ਼ਰ ਆ ਰਹੇ ਹਨ। ਜਹਾਜ਼ ’ਚ 25 ਭਾਰਤੀ ਨਾਗਰਿਕਾਂ ਸਮੇਤ 78 ਯਾਤਰੀ ਸਵਾਰ ਹਨ।
ਅਜੇ ਵੀ 200 ਅਫ਼ਗਾਨ ਸਿੱਖ ਅਤੇ ਹਿੰਦੂ ਫਸੇ ਹਨ—
ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਕਿਹਾ ਕਿ ਭਾਰਤੀ ਹਵਾਈ ਫ਼ੌਜ ਦਾ ਇਕ ਜਹਾਜ਼ ਅਫ਼ਗਾਨਿਸਤਾਨ ਤੋਂ ਪਵਿੱਤਰ ਗੁਰੂ ਗ੍ਰੰਥ ਸਾਹਿਬ ਜੀ ਦੇ 3 ਸਰੂਪ ਅਤੇ 78 ਲੋਕਾਂ ਨੂੰ ਲੈ ਕੇ ਭਾਰਤ ਪਰਤਿਆ। ਉਨ੍ਹਾਂ ਨੇ ਕਿਹਾ ਕਿ ਅਫ਼ਗਾਨਿਸਤਾਨ ’ਚ ਅਜੇ ਵੀ 200 ਅਫ਼ਗਾਨ ਸਿੱਖ ਅਤੇ ਹਿੰਦੂ ਫਸੇ ਹੋਏ ਹਨ। ਇਨ੍ਹਾਂ ਲੋਕਾਂ ਨੇ ਕਾਬੁਲ ਦੇ ਕਰਤੇ ਪਰਵਾਨ ਗੁਰਦੁਆਰਾ ਸਾਹਿਬ ਵਿਚ ਸ਼ਰਨ ਲਈ ਹੋਈ ਹੈ, ਜੋ ਹਵਾਈ ਅੱਡੇ ਦੇ ਨੇੜੇ ਹੈ। ਅਫ਼ਗਾਨਿਸਤਾਨ ’ਤੇ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਉੱਥੋਂ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਜਾਰੀ ਹੈ।