ਅੰਮ੍ਰਿਤਸਰ – ਬੜੀ ਖੁਸ਼ੀ ਵਾਲੀ ਗੱਲ ਹੈ ਕਿ ਪਾਕਿਸਤਾਨ ਸਰਕਾਰ ਨੇ ਕਰਤਾਰਪੁਰ ਕੋਰੀਡੋਰ ਓਪਨ ਕਰਨ ਲਈ ਰਾਹ ਪੱਧਰਾ ਕੀਤਾ ਹੈ। ਪਾਕਿਸਤਾਨ ਵਾਂਗ ਭਾਰਤ ਸਰਕਾਰ ਵੀ ਵੱਡਾ ਦਿਲ ਕਰ ਕੇ ਕਰਤਾਰਪੁਰ ਲਾਂਘਾ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਗਿ. ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਵਿਡ-19 ਦੌਰਾਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ। ਇਸ ਲਈ ਸਿਹਤ ਵਿਭਾਗ ਵੱਲੋਂ ਕੀਤੀਆਂ ਹਦਾਇਤਾਂ ਲਾਗੂ ਕਰਵਾ ਕੇ ਉਸ ਦੀ ਪਾਲਣਾ ਕਰਵਾ ਲੈਣੀ ਚਾਹੀਦੀ ਹੈ ਪਰ ਦੂਸਰੇ ਮੰਦਰ, ਗੁਰਦੁਆਰਿਆਂ ਦੀ ਤਰ੍ਹਾਂ ਕਰਤਾਰਪੁਰ ਕੋਰੀਡੋਰ ਵੀ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 22 ਸਤੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਮਨਾਇਆ ਜਾ ਰਿਹਾ ਹੈ, ਜਿਸ ਕਾਰਨ ਸੰਗਤਾਂ ’ਚ ਉਤਸ਼ਾਹ ਹੈ ਕਿ ਉਹ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ। ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਕਿਤੇ ਨਾ ਕਿਤੇ ਇਹ ਸਭ ਸਰਕਾਰਾਂ ਦੇ ਮਨ ‘ਚ ਹੀ ਹੈ ਕਿ ਕੋਰੀਡੋਰ ਨਹੀਂ ਖੋਲ੍ਹਣਾ, ਜੇਕਰ ਖੁੱਲ੍ਹ ਜਾਵੇ ਤਾਂ ਇਸ ਨਾਲ ਜਿੱਥੇ ਆਪਸੀ ਰਿਸ਼ਤੇ ਮਜ਼ਬੂਤ ਹੋਣ ਦੇ ਨਾਲ ਭਾਈਚਾਰਕ ਸਾਂਝ ਬਣੇਗੀ, ਓਥੇ ਵਪਾਰ ਵੀ ਵਧੇਗਾ।