ਚੰਡੀਗੜ੍ਹ : ਕਰਨਾਲ ਵਿਚ ਸ਼ਾਂਤਮਈ ਧਰਨਾਕਾਰੀ ਕਿਸਾਨਾਂ ’ਤੇ ਪੁਲਸ ਵਲੋਂ ਕੀਤੇ ਅੱਤਿਆਚਾਰਾਂ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ 31 ਅਗਸਤ ਦਿਨ ਮੰਗਲਵਾਰ ਨੂੰ ਹਰਿਆਣਾ ਦੀ ਖੱਟੜ ਸਰਕਾਰ ਅਤੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਸੂਬੇ ਭਰ ਵਿਚ ਜ਼ਿਲ੍ਹਾ ਪੱਧਰ ’ਤੇ ਰੋਸ-ਪ੍ਰਦਰਸ਼ਨ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਸਮਰਥਨ ਵਿਚ ਡਿਪਟੀ ਕਮਿਸ਼ਨਰਾਂ ਰਾਹੀਂ ਭਾਰਤ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ। ਸੋਮਵਾਰ ਨੂੰ ‘ਆਪ’ ਦੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕਰਨਾਲ ਵਿਚ ਕਿਸਾਨਾਂ ’ਤੇ ਪੁਲਸ ਵਲੋਂ ਕੀਤੇ ਅੰਨ੍ਹੇ ਤਸ਼ੱਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਜ਼ਿੰਮੇਵਾਰ ਹਨ, ਕਿਉਂਕਿ ਨਰਿੰਦਰ ਮੋਦੀ ਅਤੇ ਖੱਟੜ ਸਰਕਾਰ ਕਿਸਾਨਾਂ ਦੀ ਆਵਾਜ਼ ਸੁਣਨ ਦੀ ਬਜਾਏ ਉਨ੍ਹਾਂ ਦੀ ਆਵਾਜ਼ ਨੂੰ ਤਾਲਿਬਾਨ ਤਸ਼ੱਦਦ ਨਾਲ ਦਬਾਉਣਾ ਚਾਹੁੰਦੀ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੇ ਹੁਕਮਾਂ ’ਤੇ ਹਰਿਆਣਾ ਪੁਲਸ ਵਲੋਂ ਕਿਸਾਨਾਂ ’ਤੇ ਕੀਤੇ ਲਾਠੀਚਾਰਜ ਕਾਰਨ ਇਕ ਕਿਸਾਨ ਦੀ ਮੌਤ ਹੋ ਗਈ ਅਤੇ 10 ਤੋਂ ਜ਼ਿਆਦਾ ਕਿਸਾਨ ਗੰਭੀਰ ਜ਼ਖ਼ਮੀ ਹੋਏ ਹਨ।
ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸੰਧਵਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦੀਆਂ ਪਾਉਣ ਵਾਲੇ ਕਿਸਾਨਾਂ-ਮਜ਼ਦੂਰਾਂ ਦਾ ਬਲਿਦਾਨ ਅਜਾਈਂ ਨਹੀਂ ਜਾਵੇਗਾ। ਇਨ੍ਹਾਂ ਸਮੂਹ ਸ਼ਹੀਦਾਂ ਦਾ ਨਾਂ ਸੁਨਹਿਰੇ ਅੱਖਰਾਂ ਵਿਚ ਲਿਖਿਆ ਜਾਵੇਗਾ। ਸੰਧਵਾਂ ਨੇ ਕਿਹਾ ਕਿ ਭਾਰਤ ਲੋਕਤੰਤਰਿਕ ਦੇਸ਼ ਹੈ, ਜੋ ਕਿ ਸੰਵਿਧਾਨ ਅਨੁਸਾਰ ਚੱਲਦਾ ਹੈ। ਦੇਸ਼ ਦੇ ਕਿਸਾਨ ਆਪਣੀਆਂ ਹੱਕੀ ਮੰਗਾਂ ਲਈ ਭਾਰਤੀ ਸੰਵਿਧਾਨ ਰਾਹੀਂ ਮਿਲੇ ਰੋਸ ਪ੍ਰਦਰਸ਼ਨ ਦੇ ਹੱਕ ਦੀ ਵਰਤੋਂ ਕਰਕੇ ਸੰਘਰਸ਼ ਕਰ ਰਹੇ ਹਨ ਪਰ ਭਾਰਤੀ ਜਨਤਾ ਪਾਰਟੀ ਦੀਆਂ ਸਰਕਾਰਾਂ ਕਿਸਾਨਾਂ ਦੇ ਸੰਵਿਧਾਨਕ ਹੱਕਾਂ ਨੂੰ ਦਬਾ ਰਹੀਆਂ ਹਨ। ਅੱਜ ਪੂਰੇ ਪੰਜਾਬ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ‘ਆਪ’ ਆਗੂ ਨੇ ਮੰਗ ਕੀਤੀ ਕਿ ਇਸ ਅੱਤਿਆਚਾਰ ਲਈ ਸਮੁੱਚੀ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਸਰਕਾਰ ਸਮੇਤ ਭਾਜਪਾ ਅੰਨਦਾਤਾ ਕੋਲੋਂ ਜਨਤਕ ਤੌਰ ’ਤੇ ਮੁਆਫ਼ੀ ਮੰਗੇ।