ਚੰਡੀਗੜ੍ਹ : ਪੰਜਾਬ ਵਿਧਾਨਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਲੋਕਾਂ ਨਾਲ ਜੁੜੇ ਮੁੱਦਿਆਂ ਤੋਂ ਭੱਜਣ ਨਹੀਂ ਦੇਵੇਗੀ ਤੇ ਹਰ ਮੁੱਦੇ ਦਾ ਜਵਾਬ ਮੰਗਿਆ ਜਾਵੇਗਾ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੋਈ ਬਿਜ਼ਨਸ ਐਡਵਾਇਜ਼ਰੀ ਕਮੇਟੀ (ਬੀ. ਏ. ਸੀ.) ਦੀ ਬੈਠਕ ਦੌਰਾਨ ਉਨ੍ਹਾਂ ਨੇ ਘੱਟ ਤੋਂ ਘੱਟ 15 ਦਿਨ ਦਾ ਮਾਨਸੂਨ ਸੈਸ਼ਨ ਬੁਲਾਏ ਜਾਣ ਦੀ ਮੰਗ ਦੁਹਰਾਈ। ਸਪੀਕਰ ਰਾਣਾ ਕੇ. ਪੀ. ਸਿੰਘ ਦੀ ਪ੍ਰਧਾਨਗੀ ਵਿਚ ਹੋਈ ਬੈਠਕ ਵਿਚ ਸਰਕਾਰ ਵਲੋਂ ਭਰੋਸਾ ਦਿੱਤਾ ਗਿਆ ਕਿ ਜਲਦੀ ਹੀ ਮਾਨਸੂਨ ਸੈਸ਼ਨ ਬੁਲਾਇਆ ਜਾਵੇਗਾ। ਵਿਧਾਨ ਸਭਾ ਇਜਲਾਸ ਤੋਂ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਮਾ ਨੇ ਕਿਹਾ ਕਿ ਬਿਜ਼ਨਸ ਐਡਵਾਇਜ਼ਰੀ ਕਮੇਟੀ ਦੀ ਬੈਠਕ ਵਿਚ ਆਪ ਨੇ ਅਪਾਣਾ ਪੱਖ ਮਜਬੂਤੀ ਨਾਲ ਰੱਖਿਆ ਹੈ ਤੇ ਸਰਕਾਰ ਨੂੰ ਮਾਨਸੂਨ ਸੈਸ਼ਨ ਬੁਲਾਉਣਾ ਹੀ ਪਏਗਾ।
ਚੀਮਾ ਨੇ ਕਿਹਾ ਕਿ ਬਾਦਲਾਂ ਦੇ 10 ਸਾਲਾਂ ਮਾਫ਼ੀਆ ਰਾਜ ਤੋਂ ਬਾਅਦ ਸੱਤਾਧਾਰੀ ਕਾਂਗਰਸ ਦੇ ਸਾਢੇ 4 ਸਾਲਾਂ ਦੇ ਨਿਕੰਮੇ ਸ਼ਾਸਨ ਨੇ ਪੰਜਾਬ ਨੂੰ ਕੰਗਾਲ ਅਤੇ ਲੋਕਾਂ ਦੇ ਨੱਕ ਵਿਚ ਦਮ ਕਰ ਰੱਖਿਆ ਹੈ। ਬੇਸ਼ੱਕ ਸੱਤਾਧਾਰੀ ਕਾਂਗਰਸ ਸਾਰੇ ਭੱਖਦੇ ਮੁੱਦਿਆਂ ਤੋਂ ਹਮੇਸ਼ਾਂ ਭੱਜਣ ਦੀ ਤਾਕ ਵਿਚ ਰਹਿੰਦੀ ਹੈ, ਪ੍ਰੰਤੂ ਹੁਣ ਸਰਕਾਰ ਨੂੰ ਭੱਜਣ ਨਹੀਂ ਦਿੱਤਾ ਜਾਵੇਗਾ। ਚੀਮਾ ਨੇ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਚੁਣੌਤੀ ਦਿੰਦਿਆਂ ਕਿਹਾ ਜੇਕਰ ਉਹ ਸੱਚਮੁੱਚ ਪੰਜਾਬ ਹਿਤੈਸ਼ੀ ਹਨ ਤਾਂ ਆਮ ਆਦਮੀ ਪਾਰਟੀ ਦੀ ਤਰਫ਼ੋਂ ਵਿਧਾਇਕ ਅਮਨ ਅਰੋੜਾ ਵਲੋਂ ਬਿਜਲੀ ਖ਼ਰੀਦ ਸਮਝੌਤੇ (ਪੀ. ਪੀ. ਏਜ਼.) ਰੱਦ ਕਰਨ ਅਤੇ ਸ਼ਰਾਬ ਕਾਰਪੋਰੇਸ਼ਨ ਗਠਿਤ ਕਰਨ ਲਈ ਦਿੱਤੇ ਪ੍ਰਾਈਵੇਟ ਮੈਂਬਰ ਬਿਲ ਨੂੰ ਪਾਸ ਕਰਾਉਣ ਦੀ ਜ਼ੁਅਰੱਤ ਦਿਖਾਉਣ।