‘ਕੈਪਟਨ’ ਨੇ ਲੰਚ ਬਹਾਨੇ ਮਾਝੇ ਦੇ ਦਿੱਗਜ ਕਾਂਗਰਸੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਝੇ ਦੇ ਕਈ ਸੀਨੀਅਰ ਆਗੂਆਂ ਨੂੰ ਦੁਪਹਿਰ ਦੇ ਭੋਜ ’ਤੇ ਸੱਦਿਆ। ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਇੱਕ ਪੰਜ ਤਾਰਾ ਹੋਟਲ ਵਿਚ ਕਰੀਬ ਡੇਢ ਘੰਟੇ ਤੱਕ ਮੁੱਖ ਮੰਤਰੀ ਨੇ ਇਨ੍ਹਾਂ ਆਗੂਆਂ ਨਾਲ ਭੋਜ ਦੌਰਾਨ ਗੱਲਬਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਵਿਸ਼ੇਸ਼ ਬੈਠਕ ਵਿਚ ਰਾਜ ਸਭਾ ਸਾਂਸਦ ਪ੍ਰਤਾਪ ਸਿੰਘ ਬਾਜਵਾ, ਸਾਂਸਦ ਗੁਰਜੀਤ ਸਿੰਘ ਔਜਲਾ, ਜਸਬੀਰ ਸਿੰਘ ਡਿੰਪਾ, ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਵਿਧਾਇਕ ਫਤਹਿਜੰਗ ਸਿੰਘ ਬਾਜਵਾ ਸਮੇਤ ਕਈ ਵਿਧਾਇਕ ਮੌਜੂਦ ਰਹੇ। ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਨੇ ਇਹ ਬੈਠਕ ਸਿਆਸੀ ਰਣਨੀਤੀ ਤੈਅ ਕਰਨ ਲਈ ਬੁਲਾਈ ਸੀ।
ਇਸ ਦੌਰਾਨ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਦੇ ਤਿੰਨ ਦਿਨਾ ਚੰਡੀਗੜ੍ਹ ਦੌਰੇ ਨਾਲ ਬਦਲੇ ਸਮੀਕਰਣਾਂ ’ਤੇ ਵੀ ਮੰਥਨ ਕੀਤਾ ਗਿਆ। ਹਾਲਾਂਕਿ ਬੈਠਕ ਵਿਚ ਸ਼ਾਮਲ ਆਗੂਆਂ ਨੇ ਇਸ ਮੁਲਾਕਾਤ ਨੂੰ ਸਿਰਫ਼ ਦੁਪਹਿਰ ਭੋਜ ਤੱਕ ਸੀਮਤ ਦੱਸਿਆ ਹੈ। ਇਹ ਵੱਖਰੀ ਗੱਲ ਹੈ ਕਿ ਹਰੀਸ਼ ਰਾਵਤ ਦੀ ਤਿੰਨ ਦਿਨਾ ਚੰਡੀਗੜ੍ਹ ਦੌਰੇ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਦਿੱਲੀ ਵਿਚ ਹਾਈਕਮਾਨ ਨਾਲ ਮੁਲਾਕਾਤ ਦੇ ਬਿਨਾਂ ਹੋਈ ਵਾਪਸੀ ਤੋਂ ਬਾਅਦ ਮੁੱਖ ਮੰਤਰੀ ਦੀ ਇਸ ਬੈਠਕ ਦੇ ਕਈ ਸਿਆਸੀ ਮਾਅਨੇ ਕੱਢੇ ਜਾ ਰਹੇ ਹਨ।
ਸਾਂਸਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਪੰਜਾਬ ਦੀ ਜਨਤਾ ਦੇ ਮਸਲਿਆਂ ਨੂੰ ਹੱਲ ਕਰਨਾ ਹੈ। ਪਿਛਲੇ ਦਿਨੀਂ ਉਨ੍ਹਾਂ ਨੇ ਸਰਕਾਰ ਨਾਲ ਗੱਲ ਕਰ ਕੇ ਗੰਨਾ ਕਿਸਾਨਾਂ ਦਾ ਮਸਲਾ ਹੱਲ ਕਰਵਾਇਆ ਹੈ ਅਤੇ ਗੰਨੇ ਦੇ ਭਾਅ ਵਿਚ ਜੋ ਇਤਿਹਾਸਿਕ ਫ਼ੈਸਲਾ ਲਿਆ ਗਿਆ ਹੈ, ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਇੱਕ ਚੰਗਾ ਕਦਮ ਹੈ। ਅਜਿਹੇ ਕਈ ਕਾਰਜ ਉਨ੍ਹਾਂ ਦੇ ਧਿਆਨ ਵਿਚ ਹਨ, ਜੋ ਰਾਜ ਦੇ ਲੋਕਾਂ ਦੇ ਹਿੱਤਾਂ ਨਾਲ ਜੁੜੇ ਹਨ। ਇਨ੍ਹਾਂ ਕੰਮਾਂ ਨੂੰ ਵੀ ਪੂਰਾ ਕੀਤਾ ਜਾਵੇਗਾ। ਸਾਂਸਦ ਗੁਰਜੀਤ ਔਜਲਾ ਨੇ ਕਿਹਾ ਕਿ ਸਰਕਾਰ ਨੇ ਜੋ ਵੀ ਵਾਅਦੇ ਕੀਤੇ ਸਨ, ਉਨ੍ਹਾਂ ਵਿਚੋਂ 90 ਫ਼ੀਸਦੀ ਤੋਂ ਜਿਆਦਾ ਵਾਅਦੇ ਪੂਰੇ ਕੀਤੇ ਹੈ।
ਕਾਂਗਰਸ ਹਾਈਕਮਾਨ ਨੂੰ ਵੀ ਦੱਸਿਆ ਗਿਆ ਹੈ ਕਿ ਕੈਪਟਨ ਸਰਕਾਰ ਆਪਣੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ। ਹਰੀਸ਼ ਰਾਵਤ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਕੰਮਕਾਜ ’ਤੇ ਤਸੱਲੀ ਪ੍ਰਗਟ ਕੀਤੀ ਹੈ। ਇਹੀ ਕੰਮ ਆਉਣ ਵਾਲੇ ਸਮੇਂ ਵਿਚ ਪੰਜਾਬ ਕਾਂਗਰਸ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਵੱਲ ਲੈ ਕੇ ਜਾਣਗੇ ਅਤੇ ਇਹ ਤੈਅ ਹੈ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ।