ਪਾਲਘਰ– ਮਹਾਰਾਸ਼ਟਰ ’ਚ ਪਾਲਘਰ ਜ਼ਿਲ੍ਹੇ ਦੇ ਤਾਰਾਪੁਰ ਉਦਯੋਗਿਕ ਖੇਤਰ ’ਚ ਇਕ ਕੱਪੜਾ ਫੈਕਟਰੀ ’ਚ ਸ਼ਨੀਵਾਰ ਤੜਕੇ ਧਮਾਕਾ ਹੋਣ ਅਤੇ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 5 ਹੋਰ ਲੋਕ ਜ਼ਖਮੀ ਹੋ ਗਏ, ਜਿਨ੍ਹਾਂ ’ਚੋਂ ਕੁਝ ਦੀ ਹਾਲਤ ਗੰਭੀਰ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਚਾਰ ਤੋਂ ਪੰਜ ਕਿਲੋਮੀਟਰ ਦੂਰ ਵੀ ਇਸ ਦੀ ਆਵਾਜ਼ ਸੁਣਾਈ ਦਿੱਤੀ।
ਪਾਲਘਰ ਜ਼ਿਲ੍ਹਾ ਆਫ਼ਤ ਪ੍ਰਬੰਧਨ ਸੈੱਲ ਦੇ ਮੁੱਖੀ ਵਿਵੇਕਾਨੰਦ ਕਦਮ ਨੇ ਦੱਸਿਆ ਕਿ ਇਹ ਘਟਨਾ ਸਵੇਰੇ ਕਰੀਬ 6 ਵਜੇ ਹੋਈ। ਧਮਾਕੇ ਤੋਂ ਬਾਅਦ ਤਾਰਾਪੁਰ ਐੱਮ.ਆਈ.ਡੀ.ਸੀ., ਬੋਈਸਰ ’ਚ ਸਥਿਤ ਫੈਕਟਰੀ ’ਚ ਭਿਆਨਕ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਘਟਨਾ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਹੋਰ ਗੰਭੀਰ ਰੂਪ ਨਾਲ ਝੂਲਸ ਗਏ ਅਤੇ ਉਨ੍ਹਾਂ ਨੂੰ ਇਕ ਸਥਾਨਕ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਮ੍ਰਿਤਕ ਦੀ ਪਛਾਣ ਅਜੇ ਨਹੀਂ ਕੀਤੀ ਜਾ ਸਕੀ ਕਿਉਂਕਿ ਲਾਸ਼ ਇੰਨੀ ਸੜ ਗਈ ਹੈ ਕਿ ਉਸ ਦੀ ਪਛਾਣ ਕਰਨਾ ਮੁਸ਼ਕਿਲ ਹੋ ਰਿਹਾ ਹੈ। ਕਦਮ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਫੈਕਟਰੀ ਦੇ ਦੋ ਕਾਮੇਂ ਲਾਪਤਾ ਦੱਸੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਲੱਭਣ ਦੀ ਕੋਸ਼ਿਸ਼ ਜਾਰੀ ਹੈ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਅਤੇ ਪੁਲਸ ਮੌਕੇ ’ਤੇ ਘਟਨਾ ਵਾਲੀ ਥਾਂ ’ਤੇ ਪਹੁੰਚ ਗਏ ਅਤੇ ਉਨ੍ਹਾਂ ਨੇ ਬਚਾਅ ਮੁਹਿੰਮ ਸ਼ੁਰੂ ਕੀਤੀ। ਹੁਣ ਤਕ ਮਿਲੀ ਜਾਣਕਾਰੀ ਮੁਤਾਬਕ, ਫੈਕਟਰੀ ਦੀ ਇਕ ਇਕਾਈ ’ਚ ਧਮਾਕਾ ਹੋਇਆ ਹੈ।