ਪੰਜਾਬ ਸਰਕਾਰ ਵੱਲੋਂ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ਨੂੰ ਅਪਗ੍ਰੇਡ ਕਰਨ ਦੀ ਮਨਜ਼ੂਰੀ

ਮੋਹਾਲੀ : ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੇ ਵਿਕਾਸ ਲਈ ਲਗਾਤਾਰ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਪੰਜਾਬ ਸਰਕਾਰ ਵੱਲੋਂ 38 ਕਿ. ਮੀ. ਲੰਬੀ ਬੰਗਾ-ਗੜ੍ਹਸ਼ੰਕਰ-ਸ੍ਰੀ ਆਨੰਦਪੁਰ ਸਾਹਿਬ ਰੋਡ ਨੂੰ ਅਪਗ੍ਰੇਡ ਕਰਨ ਵਾਸਤੇ 40 ਕਰੋੜ ਰੁਪਏ ਦੇ ਫੰਡਾਂ ਦੀ ਮਨਜ਼ੂਰੀ ਦਿੱਤੀ ਗਈ ਹੈ।
ਤਿਵਾੜੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਨਾ ਸਿਰਫ਼ ਇਸ ਇਲਾਕੇ ਨਾਲ ਸਬੰਧਿਤ ਲੋਕਾਂ, ਸਗੋਂ ਇੱਥੋਂ ਸਫ਼ਰ ਕਰਨ ਵਾਲੇ ਹਜ਼ਾਰਾਂ ਮੁਸਾਫ਼ਰਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਇਹ ਵੱਡਾ ਉਪਰਾਲਾ ਹੈ।
ਇਹ ਸੜਕ ਸ੍ਰੀ ਹਰਿਮੰਦਰ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਆਪਸ ਵਿਚ ਜੋੜਦੀ ਹੈ। ਇਸੇ ਤਰ੍ਹਾਂ ਮਾਤਾ ਨੈਣਾ ਦੇਵੀ ਹਿਮਾਚਲ ਪ੍ਰਦੇਸ਼ ਮੱਥਾ ਟੇਕਣ ਜਾਣ ਵਾਲੇ ਸ਼ਰਧਾਲੂਆਂ ਵਾਸਤੇ ਵੀ ਇਹ ਸੜਕ ਕਾਫੀ ਅਹਿਮ ਹੈ। ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਵੱਲੋਂ ਸੜਕ ਨੂੰ ਅਪਗ੍ਰੇਡ ਕਰਨ ਵਾਸਤੇ 40 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਇਸ ਸਬੰਧੀ ਜਲਦੀ ਕੰਮ ਸ਼ੁਰੂ ਹੋ ਜਾਵੇਗਾ।