ਚੰਡੀਗੜ੍ਹ : ਕਿਸਾਨ ਜਥੇਬੰਦੀਆਂ ਵੱਲੋਂ ਸਿਆਸੀ ਪਾਰਟੀਆਂ ਨਾਲ ਸੱਦੀ ਗਈ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਪਾਰਟੀ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੇ ਸਬੰਧ ’ਚ ਜਾਣਕਾਰੀ ਦਿੰਦਿਆ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਕਿਸਾਨਾਂ ਨਾਲ ਹੋਈ ਮੁਲਾਕਾਤ ਕਾਫੀ ਸਕਾਰਾਤਮਕ ਰਹੀ ਹੈ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਸ਼ੁਰੂ ਤੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ੍ਹੀ ਖੜ੍ਹਾ ਹੈ ਅਤੇ ਭਵਿੱਖ ਵਿਚ ਵੀ ਉਨ੍ਹਾਂ ਵਲੋਂ ਉਲੀਕੇ ਜਾਣ ਵਾਲੇ ਹਰੇਕ ਪ੍ਰੋਗਰਾਮ ਵਿਚ ਇਸੇ ਤਰ੍ਹਾਂ ਸ਼ਮੂਲੀਅਤ ਕਰਦਾ ਰਹੇਗਾ। ਉਨ੍ਹਾਂ ਨੇ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਸ ਮੁੱਦੇ ’ਤੇ ਆਪਸੀ ਮਤਭੇਦ ਭੁਲਾ ਕੇ ਕਿਸਾਨਾਂ ਦਾ ਸਾਥ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਕੇਂਦਰ ’ਤੇ ਤਿੰਨੇ ਕਾਲੇ ਖ਼ੇਤੀ ਕਾਨੂੰਨ ਰੱਦ ਕਰਨ ਲਈ ਦਬਾਅ ਪਾਇਆ ਜਾ ਸਕੇ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਨੇ ਸਭ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ ਅਤੇ ਇਸ ਉਪਰੰਤ ਕਿਸਾਨ ਜਥੇਬੰਦੀਆਂ ਵੱਲੋਂ ਹੁਣ ਤੱਕ ਜਾਰੀ ਕੀਤੇ ਗਏ ਸਾਰੇ ਦਿਸ਼ਾ-ਨਿਰਦੇਸ਼ਾਂ ਨੂੰ ਪਾਰਟੀ ਜਿਉਂ ਦਾ ਤਿਉਂ ਮੰਨਦੀ ਆਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਜੋ ਵੀ ਫੈਸਲਾ ਕਰਨਗੀਆਂ ਸਾਡੀ ਪਾਰਟੀ ਉਸ ਦਾ ਸਮਰਥਨ ਕਰੇਗੀ।