ਨਵੀਂ ਦਿੱਲੀ — ਉੱਤਰ ਪ੍ਰਦੇਸ਼ ਵਿਚ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕਰਦੇ ਹੋਏ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਐਤਵਾਰ ਯਾਨੀ ਕਿ ਅੱਜ ਸੂਬੇ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਚਿੱਠੀ ਲਿਖੀ। ਚਿੱਠੀ ’ਚ ਉਨ੍ਹਾਂ ਨੇ ਗੰਨੇ ਦੀਆਂ ਕੀਮਤਾਂ ’ਚ ਵਾਧਾ ਕਰਨ, ਕਣਕ ਅਤੇ ਝੋਨੇ ਦੀ ਸਰਕਾਰੀ ਖਰੀਦ ’ਤੇ ਬੋਨਸ ਦੇਣ, ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੀ ਰਾਸ਼ੀ ਦੁੱਗਣੀ ਕਰਨ ਅਤੇ ਡੀਜ਼ਲ ’ਤੇ ਸਬਸਿਡੀ ਦੇਣ ਦੀ ਮੰਗ ਕੀਤੀ ਹੈ। ਪੀਲੀਭੀਤ ਤੋਂ ਲੋਕ ਸਭਾ ਮੈਂਬਰ ਵਰੁਣ ਗਾਂਧੀ ਅੰਦੋਲਨ ਕਰ ਰਹੇ ਕਿਸਾਨਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨ ਦਾ ਸਮਰਥਨ ਕੀਤਾ ਹੈ।ਯੋਗੀ ਨੂੰ ਲਿਖੀ ਦੋ ਪੰਨਿਆਂ ਦੀ ਚਿੱਠੀ ’ਚ ਵਰੁਣ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਦੀਆਂ ਮੰਗਾਂ ਦਾ ਜ਼ਿਕਰ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸਮੱਸਿਆਵਾਂ ਦੇ ਹੱਲ ਲਈ ਕੁਝ ਸੁਝਾਅ ਵੀ ਦਿੱਤੇ ਹਨ। ਵਰੁਣ ਗਾਂਧੀ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਯੋਗੀ ਆਦਿੱਤਿਆਨਾਥ ਨੂੰ ਲਿਖੀ ਚਿੱਠੀ ਦੀ ਕਾਪੀ ਟਵਿੱਟਰ ’ਤੇ ਸਾਂਝਾ ਕਰਦੇ ਹੋਏ ਲਿਖਿਆ ਕਿ ਕਿਸਾਨਾਂ ਦੀਆਂ ਬੁਨਿਆਦੀ ਸਮੱਸਿਆਵਾਂ ਵੱਲ ਧਿਆਨ ਦਿਵਾਉਂਦੀ ਮੇਰੀ ਚਿੱਠੀ ਮਾਣਯੋਗ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਜੀ ਦੇ ਨਾਮ, ਉਮੀਦ ਹੈ ਕਿ ਕਿਸਾਨਾਂ ਦੀ ਗੱਲ ਜ਼ਰੂਰ ਸੁਣੀ ਜਾਵੇਗੀ।
ਚਿੱਠੀ ਵਿਚ ਦਿੱਤੇ ਇਹ ਸੁਝਾਅ—
ਚਿੱਠੀ ਵਿਚ ਵਰੁਣ ਗਾਂਧੀ ਨੇ ਗੰਨੇ ਦੀ ਕੀਮਤ 400 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਸੁਝਾਅ ਦਿੱਤਾ ਹੈ, ਜਦਕਿ ਉੱਤਰ ਪ੍ਰਦੇਸ਼ ’ਚ ਇਸ ਦੀ ਮੌਜੂਦਾ ਕੀਮਤ 315 ਰੁਪਏ ਪ੍ਰਤੀ ਕੁਇੰਟਲ ਤੈਅ ਕੀਤੀ ਗਈ ਹੈ। ਇਸ ਤੋਂ ਇਲਾਵਾ ਵਰੁਣ ਨੇ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੀ ਸਰਕਾਰੀ ਖਰੀਦ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਤੋਂ 200 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਵਾਧੂ ਬੋਨਸ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਨੇ ਮੰਗ ਕੀਤਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੂੰ ਦਿੱਤੀ ਜਾ ਰਹੀ ਮਦਦ ਦੁੱਗਣੀ ਕਰ ਕੇ 12 ਹਜ਼ਾਰ ਰੁਪਏ ਪ੍ਰਤੀ ਸਾਲ ਕੀਤੀ ਜਾਣੀ ਚਾਹੀਦੀ ਹੈ। ਬਿਜਲੀ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕਿਸਾਨਾਂ ਦੀ ਚਿੰਤਾ ਨੂੰ ਸਾਂਝਾ ਕਰਦੇ ਹੋਏ ਵਰੁਣ ਗਾਂਧੀ ਨੇ ਚਿੱਠੀ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਡੀਜ਼ਲ ’ਤੇ 20 ਰੁਪਏ ਪ੍ਰਤੀ ਲੀਟਰ ਦੀ ਸਬਸਿਡੀ ਦੇਣ ਅਤੇ ਬਿਜਲੀ ਦੀਆਂ ਦਰਾਂ ਵਿਚ ਤੁਰੰਤ ਪ੍ਰਭਾਵ ਨਾਲ ਕਟੌਤੀ ਕਰਨ ਦੀ ਬੇਨਤੀ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਮਹੀਨੇ ਦੀ 5 ਤਾਰੀਖ ਨੂੰ ਵੱਡੀ ਗਿਣਤੀ ਵਿਚ ਕਿਸਾਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚਾ ਵਲੋਂ ਮੁਜ਼ੱਫਰਨਗਰ ’ਚ ਬੁਲਾਈ ਗਈ ਮਹਾਪੰਚਾਇਤ ਵਿਚ ਸ਼ਾਮਲ ਹੋਏ ਸਨ। ਉਸ ਸਮੇਂ ਵੀ ਵਰੁਣ ਗਾਂਧੀ ਨੇ ਕਿਹਾ ਸੀ ਕਿ ਉਹ ਆਪਣੇ ਹੀ ਲੋਕ ਹਨ ਅਤੇ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਨ੍ਹਾਂ ਨਾਲ ਮੁੜ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ।