ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਵਿਸ਼ਾਲ ਰੋਸ ਮਾਰਚ ਕੱਢਿਆ ਜਾ ਰਿਹਾ ਹੈ। ਇਸ ਦੌਰਾਨ ਦਿੱਲੀ ਪੁਲਸ ਵੱਲੋਂ ਅਕਾਲੀ ਵਰਕਰਾਂ ਨੂੰ ਰੋਕਣ ਲਈ ਪੂਰੀ ਤਰ੍ਹਾਂ ਬੈਰੀਕੇਡਿੰਗ ਕੀਤੀ ਗਈ ਹੈ। ਪੁਲਸ ਵੱਲੋਂ ਇਸ ਦੌਰਾਨ ਅੱਗੇ ਵੱਧ ਰਹੇ ਅਕਾਲੀ ਵਰਕਰਾਂ ਨੂੰ ਹਿਰਾਸਤ ‘ਚ ਲਿਆ ਜਾ ਰਿਹਾ ਹੈ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਲੀ ਪੁਲਸ ਦੇ ਇਸ ਗੈਰ-ਵਾਜ਼ਿਬ ਸਲੂਕ ਦੀ ਸਖ਼ਤ ਸ਼ਬਦਾਂ ‘ਚ ਨਿਖ਼ੇਧੀ ਕੀਤੀ ਗਈ ਹੈ।
ਉਨ੍ਹਾਂ ਟਵੀਟ ਕਰਕੇ ਦੱਸਿਆ ਕਿ ਫੋਨ ਕਾਲਾਂ ਅਤੇ ਵੀਡੀਓ ਰਾਹੀਂ ਉਨ੍ਹਾਂ ਨੂੰ ਜਾਣਕਾਰੀ ਮਿਲ ਰਹੀ ਹੈ ਕਿ 3 ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਵੱਲ ਕੱਢੇ ਜਾਣ ਵਾਲੇ ਰੋਸ ਮਾਰਚ ਨੂੰ ਨਾਕਾਮ ਕਰਨ ਲਈ ਕਿਵੇਂ ਦਿੱਲੀ ਪੁਲਸ ਨੇ ਪੂਰਾ ਜ਼ੋਰ ਲਾਇਆ ਹੋਇਆ ਹੈ। ਬੀਬਾ ਹਰਸਿਮਰਤ ਬਾਦਲ ਨੇ ਕਿਹਾ ਕਿ ਇਹ ਇਕ ਅਣ-ਐਲਾਨੀ ਐਮਰਜੈਂਸੀ ਹੈ।
ਦੱਸਣਯੋਗ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਸੰਸਦ ਭਵਨ ਵੱਲ ਕੂਚ ਕਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਗੁਰੂ ਸਾਹਿਬ ਦੇ ਚਰਨਾਂ ‘ਚ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਇਸ ਰੋਸ ਮਾਰਚ ਦਾ ਠਾਠਾਂ ਮਾਰਦਾ ਇਕੱਠ ਅਕਾਲੀ ਦਲ ਪ੍ਰਤੀ ਪੰਜਾਬੀਆਂ ਦੇ ਭਰੋਸੇ ਦੀ ਗਵਾਹੀ ਭਰ ਰਿਹਾ ਹੈ।
ਹਰਸਿਮਰਤ ਬਾਦਲ ਨੇ ਕਿਹਾ ਕਿ ਸਾਡੀ ਇਕਜੁੱਟਤਾ ਕੇਂਦਰ ਸਰਕਾਰ ਨੂੰ ਝੁਕਣ ਲਈ ਮਜਬੂਰ ਕਰ ਦੇਵੇਗੀ।