ਸ਼ਿਮਲਾ- ਮੁੱਖ ਮੰਤਰੀ ਜੈਰਾਮ ਠਾਕੁਰ ਨੇ ਕਿਹਾ ਹੈ ਕਿ ਬੱਚਿਆਂ ਲਈ ਸਕੂਲ ਖੋਲ੍ਹਣ ’ਤੇ ਫ਼ੈਸਲਾ 24 ਸਤੰਬਰ ਨੂੰ ਹੋਣ ਵਾਲੀ ਮੰਤਰੀ ਮੰਡਲ ਦੀ ਬੈਠਕ ’ਚ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ 25 ਸਤੰਬਰ ਤੱਕ ਬੱਚਿਆਂ ਨੂੰ ਸਕੂਲ ਨਹੀਂ ਬੁਲਾਏ ਜਾਣ ਦਾ ਫ਼ੈਸਲਾ ਲਿਆ ਗਿਆ ਸੀ, ਕਿਉਂਕਿ ਕੋਰੋਨਾ ਦੀ ਸਥਿਤੀ ਸੰਤੋਸ਼ਜਨਕ ਨਹੀਂ ਹੈ। ਉਨ੍ਹਾਂ ਕਿਹਾ ਕਿ ਪ੍ਰਦੇਸ਼ ’ਚ ਕੋਰੋਨਾ ਸੰਕਰਮਣ ਦੇ ਗਰਾਫ਼ ’ਚ ਉਤਾਰ-ਚੜ੍ਹਾਵ ਦਾ ਕ੍ਰਮ ਜਾਰੀ ਹੈ, ਫਿਰ ਵੀ ਸਿੱਖਿਆ ਵਿਭਾਗ ਨੂੰ ਸਕੂਲ ਖੋਲ੍ਹਣ ਲਈ ਸਾਰੀਆਂ ਤਿਆਰੀਆਂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਜੈਰਾਮ ਠਾਕੁਰ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਬੱਚਿਆਂ ਨੂੰ ਸਕੂਲ ਬੁਲਾਉਣ ਦਾ ਫ਼ੈਸਲਾ ਸਥਿਤੀ ਦੀ ਪੂਰੀ ਤਰ੍ਹਾਂ ਸਮੀਖਿਆ ਕਰਨ ਤੋਂ ਬਾਅਦ ਹੀ ਲਵੇਗੀ। ਉਨ੍ਹਾਂ ਕਿਹਾ ਕਿ ਸਕੂਲਾਂ ’ਚ ਪੜ੍ਹਾਈ ਨਾ ਹੋਣ ਨਾਲ ਨੁਕਸਾਨ ਹੋ ਰਿਾ ਹੈ ਪਰ ਪ੍ਰਤੀਕੂਲ ਹਾਲਾਤ ਕਾਰਨ ਪੜ੍ਹਾਈ ਨੂੰ ਆਨਲਾਈਨ ਜਾਰੀ ਰੱਖਣ ਦਾ ਫ਼ੈਸਲਾ ਲੈਣਾ ਪਿਆ ਹੈ। ਉਨ੍ਹਾਂ ਕਿਹਾ ਕਿ ਮਾਤਾ-ਪਿਤਾ ਨਾਲ ਵਿਦਿਆਰਥੀ ਵੀ ਸਕੂਲਾਂ ਨੂੰ ਖੋਲ੍ਹਣ ਦੇ ਪੱਖ ’ਚ ਹਨ। ਫਿਰ ਵੀ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਆਖ਼ਰੀ ਫ਼ੈਸਲਾ ਲਿਆ ਜਾਵੇਗਾ।
ਜੈਰਾਮ ਠਾਕੁਰ ਨੇ ਇਹ ਵੀ ਕਿਹਾ ਕਿ ਸੂਬੇ ’ਚ ਮੀਂਹ ਕਾਰਨ ਕਾਫ਼ੀ ਨੁਕਸਾਨ ਹੋਇਆ ਹੈ। ਸਾਰੇ ਡੀ.ਸੀ. ਨੂੰ ਮੀਂਹ ਨਾਲ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਮੀਂਹ ਦੇ ਖ਼ਤਮ ਹੋਣ ’ਤੇ ਪੂਰੀ ਰਿਪੋਰਟ ਤਿਆਰ ਕੀਤੀ ਜਾਵੇਗੀ ਅਤੇ ਜਦੋਂ ਕੇਂਦਰੀ ਟੀਮ ਪ੍ਰਦੇਸ਼ ਦਾ ਦੌਰਾ ਕਰਨ ਆਏਗੀ ਤਾਂ ਉਸ ਨੂੰ ਵਸਤੂ ਸਥਿਤੀ ਨਾਲ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਪ੍ਰਦੇਸ਼ ’ਚ ਮੀਂਹ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਤੋਂ ਉੱਚਿਤ ਸਹਿਯੋਗ ਮਿਲੇਗਾ। ਉਨ੍ਹਾਂ ਕਿਹਾ ਕਿ ਮੀਂ ਕਾਰਨ ਜਾਨੀ ਨੁਕਸਾਨ ਤੋਂ ਇਲਾਵਾ ਵੱਖ-ਵੱਖ ਪ੍ਰਾਜੈਕਟ ਵੀ ਪ੍ਰਭਾਵਿਤ ਹੋਏ ਹਨ।