ਚੰਡੀਗੜ੍ਹ/ਅੰਮ੍ਰਿਤਸਰ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵਜੋਤ ਸਿੰਘ ਸਿੱਧੂ ’ਤੇ ਕੀਤੇ ਜਾ ਰਹੇ ਹਮਲਿਆਂ ’ਤੇ ਨਵਜੋਤ ਸਿੱਧੂ ਦੀ ਪਤਨੀ ਬੀਬੀ ਨਵਜੋਤ ਕੌਰ ਸਿੱਧੂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਬੀਬੀ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਾਰ-ਵਾਰ ਨਵਜੋਤ ਸਿੱਧੂ ਨੂੰ ਕੌਮੀ ਸੁਰੱਖਿਆ ਲਈ ਖ਼ਤਰਾ ਆਖ ਰਹੇ ਹਨ ਪਰ ਜੇਕਰ ਸਿੱਧੂ ਨਾਲ ਸੱਚ-ਮੁੱਚ ਕੌਮੀ ਸੁਰੱਖਿਆ ਨੂੰ ਖ਼ਤਰਾ ਹੈ ਤਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕੀਤਾ ਜਾਂਦਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਨਵਜੋਤ ਸਿੱਧੂ ਦੀ ਸ਼ਿਕਾਇਤ ਕਿਉਂ ਨਹੀਂ ਕਰਦੇ।
ਇਸ ਦੇ ਨਾਲ ਹੀ ਨਵਜੋਤ ਕੌਰ ਸਿੱਧੂ ਨੇ ਆਖਿਆ ਹੈ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੇ ਫ਼ੈਸਲਿਆਂ ਤੋਂ ਕੋਈ ਦਿੱਕਤ ਹੈ ਤਾਂ ਹੁਣ ਪਾਰਟੀ ਕਿਉਂ ਨਹੀਂ ਛੱਡ ਦਿੰਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਿਚ ਰਹਿੰਦੇ ਸਮੇਂ ਉਨ੍ਹਾਂ ਨੂੰ ਅਕਾਲੀ ਦਲ ਦੇ ਫ਼ੈਸਲੇ ਨਹੀਂ ਪਸੰਦ ਸਨ ਤਾਂ ਉਨ੍ਹਾਂ ਸਾਫ਼ ਆਖ ਦਿੱਤਾ ਸੀ ਕਿ ਉਹ ਅਕਾਲੀ ਦਲ ਨਾਲ ਅਗਲੀਆਂ ਚੋਣਾਂ ਨਹੀਂ ਲੜਨਗੇ ਅਤੇ ਉਨ੍ਹਾਂ ਪਾਰਟੀ ਛੱਡ ਦਿੱਤੀ ਹੈ। ਲਿਹਾਜ਼ਾ ਜੇਕਰ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਪਾਰਟੀ ਦੇ ਫ਼ੈਸਲਿਆਂ ਤੋਂ ਕੋਈ ਦਿੱਕਤ ਹੈ ਤਾਂ ਉਹ ਪਾਰਟੀ ਕਿਉਂ ਨਹੀਂ ਛੱਡਦੇ। ਉਨ੍ਹਾਂ ਕਿਹਾ ਕਿ ਪਾਰਟੀ ਅਨੁਸ਼ਾਸਨ ਨਾਲ ਚੱਲਦੀ ਹੈ।
ਮੈਡਮ ਸਿੱਧੂ ਨੇ ਆਖਿਆ ਕਿ ਨਵਜੋਤ ਸਿੰਘ ਸਿੱਧੂ ਦੇਸ਼ ਦੀ ਸ਼ਾਂਤੀ ਲਈ ਖ਼ਤਰਾ ਹਨ ਤਾਂ ਉਨ੍ਹਾਂ ਨੂੰ ਜੇਲ੍ਹ ਵਿਚ ਸੁੱਟ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਕ੍ਰਿਕਟ ਖੇਡਦੇ ਰਹੇ ਹਨ। ਇਸ ਕਰਕੇ ਉਨ੍ਹਾਂ ਦੀ ਆਪਸ ’ਚ ਦੋਸਤੀ ਹੈ, ਜਿਸ ਕਾਰਨ ਉਨ੍ਹਾਂ ਨੂੰ ਪਾਕਿਸਤਾਨ ਸੱਦਿਆ ਗਿਆ ਸੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਦੇਸ਼ ਵਿਦੇਸ਼ ’ਚ ਵੱਸਦੇ ਸਿੱਖ ਖੁਸ਼ ਹਨ ਅਤੇ ਕੀ ਇਹ ਲਾਂਘਾ ਖੁੱਲ੍ਹਣ ਨਾਲ ਸਿੱਧੂ ਨੇ ਕੋਈ ਦੇਸ਼ਧ੍ਰੋਹ ਦਾ ਕੰਮ ਕੀਤਾ ਹੈ।