ਸ਼੍ਰੀਨਗਰ – ਕੋਰੋਨਾ ਵਾਇਰਸ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸ਼ੁੱਕਰਵਾਰ ਨੂੰ ਸ਼੍ਰੀਨਗਰ ਦੇ ਕੁੱਝ ਹਿੱਸਿਆਂ ਵਿੱਚ 10 ਦਿਨ ਲਈ ਕਰਫਿਊ ਲਾਗੂ ਕਰਨ ਦਾ ਐਲਾਨ ਕੀਤਾ। ਇਸ ਸਬੰਧ ਵਿੱਚ ਸ਼੍ਰੀਨਗਰ ਦੇ ਜ਼ਿਲ੍ਹਾ ਅਧਿਕਾਰੀ ਮੁਹੰਮਦ ਏਜਾਜ਼ ਅਸਦ ਦੁਆਰਾ ਹੁਕਮ ਜਾਰੀ ਕੀਤਾ ਗਿਆ। ਹੁਕਮ ਵਿੱਚ ਕਿਹਾ ਗਿਆ, ਸ਼੍ਰੀਨਗਰ ਵਿੱਚ ਪਿਛਲੇ 24 ਦਿਨਾਂ ਤੋਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ, ਜਿਸ ਦੇ ਚੱਲਦੇ ਪ੍ਰਭਾਵੀ ਉਪਾਅ ਕਰਨ ਦੀ ਲੋੜ ਹੈ। ਇਸ ਦੌਰਾਨ ਕਿਹਾ ਗਿਆ ਕਿ ਵਾਇਰਸ ਦੇ ਪ੍ਰਸਾਰ ਦੀ ਰੋਕਥਾਮ ਦੇ ਮੱਦੇਨਜ਼ਰ ਪਛਾਣ ਕੀਤੇ ਗਏ ਹੌਟਸਪੌਟ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਕੀਤਾ ਗਿਆ ਹੈ। ਅਸਦ ਨੇ ਹੁਕਮ ਵਿੱਚ ਕਿਹਾ ਕਿ ਆਮ ਜਨਤਾ ਦੀ ਸੁਰੱਖਿਆ ਯਕੀਨੀ ਕਰਨ ਅਤੇ ਸ਼੍ਰੀਨਗਰ ਦੇ ਹੋਰ ਹਿੱਸਿਆਂ ਵਿੱਚ ਇਨਫੈਕਸ਼ਨ ਦੇ ਪ੍ਰਸਾਰ ਦੀ ਰੋਕਥਾਮ ਲਈ ਸਖ਼ਤ ਉਪਾਅ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਥਿਤੀ ਦੀ ਸਮੀਖਿਆ ਅਤੇ ਸਾਰੇ ਹਿੱਸੇਦਾਰਾਂ ਤੋਂ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ ਇਹ ਮਹਿਸੂਸ ਕੀਤਾ ਗਿਆ ਕਿ ਭੀੜ ਇਕੱਠੇ ਹੋਣ ਤੋਂ ਰੋਕਣ ਅਤੇ ਵਾਇਰਸ ਦੇ ਪ੍ਰਸਾਰ ਦੀ ਰੋਕਥਾਮ ਲਈ ਪਾਬੰਦੀਆਂ ਲਗਾਉਣਾ ਜ਼ਰੂਰੀ ਹੈ।