ਚੰਡ੍ਹੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉੱਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜ਼ੋਰ ਦੇ ਕਿ ਆਖਿਆ ਕਿ ਕਿਸਾਨੀ ਮੰਡੀਕਰਣ ਨਾਲ ਸਬੰਧਤ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਅਤੇ ਹੋਰ ਕਿਸਾਨੀ ਸਮੱਸਿਆਵਾਂ ਦਾ ਹੱਲ ਕਰਨ ਲਈ ਉਹ ਤੁਰੰਤ ਨਿੱਜੀ ਅਤੇ ਅਸਰਦਾਇਕ ਪਹਿਲ ਕਦਮੀ ਕਰਦਿਆਂ ਕਿਸਾਨਾਂ ਨਾਲ ਸਿੱਧੀ ਗੱਲਬਾਤ ਲਈ ਫੌਰੀ ’ਤੇ ਬਿਨਾ ਸ਼ਰਤ ਸੱਦਾ ਦੇਣ। ਦੇਸ਼ ਭਰ ਦੇ ਕਿਸਾਨਾਂ, ਖਾਸ ਤੌਰ ’ਤੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਸ਼ਾਂਤਮਈ ਭਾਰਤ ਬੰਦ ’ਤੇ ਮੁਬਾਰਕਬਾਦ ਦਿੰਦਿਆਂ ਬਾਦਲ ਨੇ ਕਿਹਾ ਕਿ ਇਸ ਬੰਦ ਦੀ ਕਾਮਯਾਬੀ ਨਾਲ ਸਰਕਾਰ ਦੀਆਂ ਅੱਖਾਂ ਖੁੱਲ੍ਹ ਜਾਣੀਆਂ ਚਾਹੀਦੀਆਂ ਹਨ ਤੇ ਉਸ ਨੂੰ ਇਹ ਇਲਮ ਹੋ ਜਾਣਾ ਚਾਹੀਦਾ ਹੈ ਕਿ ਪੂਰੇ ਭਾਰਤ ਦੇ ਲੋਕ ਆਪਣੇ ਅੰਨਦਾਤਾ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ।
ਅਕਾਲੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਨੂੰ ਜ਼ੋਰ ਦੇ ਕੇ ਕਿ ਕਿਹਾ ਕਿ ਜਿਹੜੇ ਤਿੰਨ ਕਾਲੇ ਕਨੂੰਨਾਂ ਕਾਰਨ ਦੇਸ਼ ਅੱਜ ਇਸ ਨਾਜ਼ੁਕ ਮੋੜ ’ਤੇ ਆਣ ਖਲੋਤਾ ਹੈ, ਉਨ੍ਹਾਂ ਨੂੰ ਰੱਦ ਕਰਨ ਲਈ ਸਰਕਾਰ ਤੁਰੰਤ ਪਾਰਲੀਮੈਂਟ ਦਾ ਇਕ ਹੰਗਾਮੀ ਸੈਸ਼ਨ ਬੁਲਾ ਕੇ ਉਨ੍ਹਾਂ ਨੂੰ ਬਿਨਾਂ ਸ਼ਰਤ ਰੱਦ ਕਰਨ ਲਈ ਪਹਿਲ ਕਦਮੀ ਕਰੇ। ਸੁਖਬੀਰ ਸਿੰਘ ਬਾਦਲ ਨੇ ਅੱਗੇ ਚੱਲ ਕੇ ਕਿਹਾ ਕਿ ਜੇ ਸਰਕਾਰ ਉਸ ਵਕਤ ਸ਼੍ਰੋਮਣੀ ਅਕਾਲੀ ਦਲ ਦੀ ਗੱਲ ਮੰਨ ਲੈਂਦੀ ਜਦੋਂ ਸਾਡੀ ਪਾਰਟੀ ਨੇ ਇਨ੍ਹਾਂ ਕਨੂੰਨ ਦੇ ਵਿਰੋਧ ਵਿਚ ਵੋਟ ਪਾਈ ਸੀ ਅਤੇ ਇਨ੍ਹਾਂ ਦੇ ਵਿਰੋਧ ਵਿਚ ਕੈਬਨਿਟ ਤੋਂ ਅਸਤੀਫਾ ਦੇ ਕੇ ਭਾਜਪਾ ਨਾਲ ਆਪਣਾ ਪੁਰਾਣਾ ਗਠਜੋੜ ਤੋੜ ਲਿਆ ਸੀ ਤਾਂ ਅੱਜ ਦੇਸ਼ ਦੇ ਹਾਲਾਤ ਉਹ ਨਾ ਹੁੰਦੇ ਜੋ ਇਸ ਵਕਤ ਹਨ।
ਉਨ੍ਹਾਂ ਕਿਹਾ ਕਿ ਪਹਿਲੇ ਕਦਮ ਵੱਜੋਂ ਸਰਕਾਰ ਬਿਨਾਂ ਹੋਰ ਦੇਰੀ ਕੀਤਿਆਂ ਕਿਸਾਨਾਂ ਨਾਲ ਬਿਨਾਂ ਸ਼ਰਤ ਗੱਲਬਾਤ ਮੁੜ ਸ਼ੁਰੂ ਕਰਨ ਲਈ ਸੱਦਾ ਦੇਵੇ। ਉਨ੍ਹਾਂ ਕਿਹਾ ਕਿ ਕਿਸਾਨ ਨੇ ਕਦੇ ਵੀ ਗੱਲਬਾਤ ਤੋਂ ਨਾਂਹ ਨਹੀਂ ਕੀਤੀ। ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੇ ਸੰਘਰਸ਼ ਵਿਚ ਪੂਰੀ ਤਰ੍ਹਾਂ ਅੰਨਦਾਤਾ ਦੇ ਨਾਲ ਖੜ੍ਹਾ ਹੈ ਅਤੇ ਖੜ੍ਹਾ ਰਹੇਗਾ।