ਅੰਮ੍ਰਿਤਸਰ – ਪੰਜਾਬ ’ਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਆਜ਼ਾਦੀ ਘੁਲਾਟੀਆਂ ਤੇ ਪੰਜਾਬੀ ਸੂਬਾ ਮੋਰਚਿਆਂ ਦੇ ਯੋਧਿਆਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਦੱਖਣੀ ਤੋਂ ਅਕਾਲੀ ਬਸਪਾ ਗਠਜੋੜ ਦੇ ਸਾਂਝੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੀ ਅਗਵਾਈ ’ਚ ਆਜ਼ਾਦੀ ਘੁਲਾਟੀਆਂ ਤੇ ਪੰਜਾਬੀ ਸੂਬਾ ਮੋਰਚਿਆਂ ਦੇ ਯੋਧਿਆਂ ਦੇ ਪਰਿਵਾਰਕ ਮੈਂਬਰਾਂ ਦੀ ਹੋਈ ਇਕ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਕਰਵਾਉਣ ’ਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆ ਨੇ ਦਿੱਤੀਆਂ ਹਨ, ਜਿਨ੍ਹਾਂ ਨੂੰ ਸਮੇਂ ਦੀਆਂ ਸਰਕਾਰਾਂ ਨੇ ਹਮੇਸ਼ਾਂ ਵਿਸਾਰਿਆ ਹੈ।
ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਆਂ ਅਤੇ ਪੰਜਾਬੀ ਸੂਬਾ ਮੋਰਚਿਆਂ ਦੇ ਯੋਧਿਆਂ ਦੇ ਪਰਿਵਾਰਾਂ ਨੂੰ ਜਿੰਨਾ ਵੀ ਮਾਣ ਸਤਿਕਾਰ ਦਿੱਤਾ ਜਾਵੇ ਉਹ ਥੋੜਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਗੁਰੂ ਨਗਰੀ ’ਚ ਜਿੰਨੇ ਵੀ ਵਿਕਾਸ ਕੰਮ ਹੋਏ ਹਨ ਉਹ ਸਭ ਬਾਦਲ ਸਰਕਾਰ ਵੇਲੇ ਹੀ ਹੋਏ ਹਨ। ਹੁਣ ਵਾਲੀ ਸਰਕਾਰ ਕੋਲੋਂ ਤਾਂ ਸੜਕਾਂ ’ਤੇ ਪੱਚ ਲਗਾਉਣੇ ਵੀ ਔਖੇ ਹੋਏ ਪਏ ਹਨ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਮੁੜ ਸੇਵਾ ਦਾ ਮੌਕਾ ਦਿੱਤਾ ਤਾਂ ਗੁਰੂ ਨਗਰੀ ਨੂੰ ਸਭ ਤੋਂ ਸੋਹਣਾ ਸ਼ਹਿਰ ਬਣਾਇਆ ਜਾਵੇਗਾ, ਜਿਸ ਨੂੰ ਪੂਰੀਆ ਦੂਨੀਆਂ ’ਚੋਂ ਲੋਕ ਦੇਖਣ ਲਈ ਆਇਆਂ ਕਰਨਗੇ। ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਸੁਖਬੀਰ ਸਿੰਘ ਬਾਦਲ ਨੂੰ ਜੀ ਆਇਆ ਨੂੰ ਆਖਦਿਆਂ ਸਨਮਾਨਿਤ ਵੀ ਕੀਤਾ।
ਇਸ ਸਮੇਂ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਅਜੇਬੀਰਪਾਲ ਸਿੰਘ ਰੰਧਾਵਾ, ਅਵਤਾਰ ਸਿੰਘ ਟਰੱਕਾਂ ਵਾਲੇ, ਮਿਲਾਪ ਸਿੰਘ ਸੁਲਤਾਨਵਿੰਡ, ਬਲਜੀਤ ਸਿੰਘ ਰਾਜੂ, ਜਗਦੀਪ ਸਿੰਘ ਰਿੰਕੂ ਕੋਠੀ ਵਾਲੇ ਆਦਿ ਸਖਸ਼ੀਅਤਾਂ ਹਾਜ਼ਰ ਸਨ।