ਜਲੰਧਰ ’ਚ ਕਿਸਾਨਾਂ ਵੱਲੋਂ ਅਕਾਲੀ ਦਲ-ਬਸਪਾ ਦੀ ‘ਭੁੱਲ ਸੁਧਾਰ ਰੈਲੀ’ ਦਾ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

ਜਲੰਧਰ— ਜਲੰਧਰ ਵਿਖੇ ਡੀ. ਏ. ਵੀ. ਯੂਨੀਵਰਸਿਟੀ ਨੇੜੇ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਵੱਲੋਂ ਅੱਜ ਭੁੱਲ ਸੁਧਾਰ ਰੈਲੀ ਕੀਤੀ ਜਾ ਰਹੀ ਹੈ। ਜਿਵੇਂ ਹੀ ਕਿਸਾਨਾਂ ਨੂੰ ਇਸ ਰੈਲੀ ਸਬੰਧੀ ਭਿਣਕ ਲੱਗੀ ਤਾਂ ਉਨ੍ਹਾਂ ਵੱਲੋਂ ਅਕਾਲੀ ਦਲ ਤੇ ਬਸਪਾ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ।
ਦਰਅਸਲ ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਪੈਂਦੇ ਰੇੜੂ ਚੌਂਕ ’ਚ ਸ਼੍ਰੀ ਕਾਂਸ਼ੀ ਰਾਮ ਜੀ ਦੇ ਪ੍ਰੀਨਿਰਵਾਣ ਦਿਹਾੜੇ ਮੌਕੇ ਅਕਾਲੀ ਦਲ ਤੇ ਬਸਪਾ ਵੱਲੋਂ ਕੱਢੀ ਜਾ ਰਹੀ ‘ਭੁੱਲ ਸੁਧਾਰ ਰੈਲੀ’ ਦਾ ਕਿਸਾਨਾਂ ਵੱਲੋਂ ਕਾਲੀਆਂ ਝੱਡੀਆਂ ਲੈ ਕੇ ਵਿਰੋਧ ਕੀਤਾ ਗਿਆ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਵੱਡੀ ਗਿਣਤੀ ’ਚ ਕਿਸਾਨ ਚੌਂਕ ’ਚ ਮੌਜੂਦ ਹਨ ਅਤੇ ਰੈਲੀ ਨੂੰ ਧਿਆਨ ’ਚ ਰੱਖਦੇ ਹੋਏ ਪੁਲਸ ਵੱਲੋਂ ਵੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਨੂੰ ਲੈ ਕੇ ਇਹ ਐਲਾਨ ਕੀਤਾ ਜਾ ਚੁੱਕਿਆ ਹੈ ਕਿ ਜੇਕਰ ਕੋਈ ਸਿਆਸੀ ਪਾਰਟੀ ਰਸਮੀ ਚੋਣਾਂ ਦੇ ਐਲਾਨ ਤੋਂ ਪਹਿਲਾਂ ਸਿਆਸੀ ਰੈਲੀ ਕੱਢਦੀ ਹੈ ਤਾਂ ਕਿਸਾਨਾਂ ਵੱਲੋਂ ਉਸ ਪਾਰਟੀ ਦਾ ਵਿਰੋਧ ਕੀਤਾ ਜਾਵੇਗਾ।