ਅੰਮ੍ਰਿਤਸਰ : ਅੰਮ੍ਰਿਤਸਰ ਦੇ ਬੱਸ ਅੱਡੇ ’ਤੇ ਛਾਪਾ ਮਾਰਨ ਉਪਰੰਤ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ। ਉਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਸੁਣਿਆ, ਕੜਾਹ ਪ੍ਰਸ਼ਾਦਿ ਦੀ ਦੇਗ ਕਰਵਾਈ ਅਤੇ ਪਰਿਕਰਮਾਂ ’ਚ ਸਥਿਤ ਧਾਰਮਿਕ ਅਸਥਾਨਾਂ ਦੇ ਦਰਸ਼ਨ ਦੀਦਾਰੇ ਵੀ ਕੀਤੇ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਾਜਾ ਵੜਿੰਗ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੀ ਸਾਰੀਆਂ ਸੰਗਤਾਂ ਨੂੰ ਵਧਾਈ ਦਿੱਤੀ।
ਕੁਝ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਬਾਦਲਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀਆਂ ਬੱਸਾਂ ਨੂੰ ਟਾਰਗੈਟ ਕੀਤਾ ਜਾ ਰਿਹਾ ਹੈ, ਮੈਂ ਤੇ ਇਮਾਨਦਾਰੀ ’ਤੇ ਚੱਲਦਾ ਹਾਂ। ਪਿਛਲੇ 15 ਦਿਨਾਂ ਤੋਂ ਇਹ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਇਕ ਖਾਸ ਦਿਨ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪਨਬੱਸ ਤੇ ਪੀ. ਆਰ. ਟੀ. ਸੀ. ਦੀਆਂ ਬੱਸਾਂ ਤੋਂ ਰੋਜ਼ਾਨਾ 40 ਲੱਖ ਰੁਪਏ ਦੇ ਮੁਨਾਫ਼ੇ ਦਾ ਟਾਰਗੈਟ ਹੈ ਅਤੇ ਇਸਨੂੰ ਇਕ ਕਰੌੜ ਰੁਪਏ ਤੱਕ ਲੈ ਕੇ ਜਾਵਾਂਗੇ।