ਫਿਰੋਜ਼ਪੁਰ – ਕੇਂਦਰ ਸਰਕਾਰ ਵੱਲੋਂ ਕਿਸਾਨਾਂ ਵਿਰੁੱਧ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਆਪਣੇ ਘਰ ਬਾਰ ਛੱਡ ਕੇ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਲਗਾਤਾਰ ਹੋ ਰਹੇ ਸੰਘਰਸ਼ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਨਾਲ ਕਿਸਾਨਾਂ ਅੰਦਰ ਗੁੱਸਾ ਵਧਦਾ ਜਾ ਰਿਹਾ ਹੈ। ਬਿੱਲ ਰੱਦ ਕਰਵਾਉਣ ਲਈ ਕਿਸਾਨਾਂ ਵੱਲੋ ਲਗਾਤਾਰ ਧਰਨੇ ਲਗਾਏ ਜਾ ਰਹੇ ਹਨ। ਉਸੇ ਤਰ੍ਹਾਂ ਅੱਜ ਕਿਸਾਨ ਸੰਯੁਕਤ ਮੋਰਚੇ ਦੀ ਕਾਲ ’ਤੇ ਭਾਰਤੀ ਕਿਸਾਨ ਯੂਨੀਅਨ ਡਕੌਤਾ ਦੇ ਪ੍ਰਧਾਨ ਹਰਨੇਕ ਸਿੰਘ ਮਹਿਮਾਂ ਦੀ ਅਗਵਾਈ ਹੇਠ ਭੱਟੀਆ ਵਾਲੀ ਬਸਤੀ ਫਿਰੋਜ਼ਪੁਰ ਸ਼ਹਿਰ ਵਿਖੇ ਰੇਲ ਰੋਕੀ ਗਈ।
ਮਿਲੀ ਜਾਣਕਾਰੀ ਅਨੁਸਾਰ ਇਸ ਧਰਨੇ ਵਿੱਚ ਕਿਸਾਨਾਂ ਨੇ ਸਵੇਰੇ 6 ਵਜੇ ਤੋਂ ਧਰਨਾ ਲਾਇਆ ਹੋਇਆ ਹੈ। ਧਰਨੇ ਵਿੱਚ ਮਹਾ ਪੰਚਾਇਤ ਦੇ ਮੈਂਬਰਾਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਿਸਾਨਾਂ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਧਰਨੇ ’ਚ ਬੂਟਾ ਸਿੰਘ, ਧੀਰਾ ਬੱਤਰਾ, ਸਰਬਜੀਤ ਸਿੰਘ ਸੰਧੂ, ਝੋਕ ਹਰੀ ਹਰ ਅਤੇ ਸਮੂਹ ਆਗੂ ਹਾਜ਼ਰ ਸਨ।