ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬੀ. ਐੱਸ. ਐੱਫ. ਮੁੱਦੇ ‘ਤੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ‘ਚ ਆਮ ਆਦਮੀ ਪਾਰਟੀ ਵੱਲੋਂ ਹਿੱਸਾ ਲੈਣ ਲਈ ਸੀਨੀਅਰ ਆਗੂ ਅਮਨ ਅਰੋੜਾ ਪੁੱਜੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਇਹ ਇਕ ਬਹੁਤ ਵੱਡੀ ਸਾਜ਼ਿਸ਼ ਹੈ, ਜਿਸ ਦੇ ਚੱਲਦਿਆਂ ਅੱਧੇ ਪੰਜਾਬ ‘ਤੇ ਕੇਂਦਰ ਸਰਕਾਰ ਦਾ ਕਬਜ਼ਾ ਕਰਵਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ 11 ਅਕਤੂਬਰ ਨੂੰ ਇਹ ਨਾਦਰਸ਼ਾਹੀ ਫ਼ੈਸਲਾ ਆਇਆ ਸੀ। ਉਨ੍ਹਾਂ ਪੰਜਾਬ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਅੱਜ 15 ਦਿਨਾਂ ਬਾਅਦ ਸੁੱਤੀ ਹੋਈ ਸਰਕਾਰ ਜਾਗੀ ਹੈ ਅਤੇ ਸਰਬ ਪਾਰਟੀ ਮੀਟਿੰਗ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬੇਹੱਦ ਗੰਭੀਰ ਮੁੱਦਾ ਹੈ, ਜਿਸ ‘ਤੇ ਤੁਰੰਤ ਮੀਟਿੰਗ ਬੁਲਾਈ ਜਾਣੀ ਚਾਹੀਦੀ ਸੀ।
ਅਮਨ ਅਰੋੜਾ ਨੇ ਇਸ ਮੌਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਸ਼ਬਦੀ ਵਾਰ ਕਰਦਿਆਂ ਕਿਹਾ ਹੈ ਇਸ ਫ਼ੈਸਲੇ ਤੋਂ ਪਹਿਲਾਂ ਮੁੱਖ ਮੰਤਰੀ ਚੰਨੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮਿਲੇ ਸਨ ਅਤੇ ਉਨ੍ਹਾਂ ਨੂੰ ਪੰਜਾਬ ‘ਚ ਆਉਂਦੇ ਨਸ਼ੇ ਅਤੇ ਹਥਿਆਰਾਂ ਕਾਰਨ ਅੰਤਰਰਾਸ਼ਟਰੀ ਸਰਹੱਦ ਬੰਦ ਕਰਨ ਦੀ ਅਪੀਲ ਕੀਤੀ ਸੀ।
ਉਨ੍ਹਾਂ ਕਿਹਾ ਕਿ ਇਸ ਤੋਂ ਇਹ ਸਾਬਿਤ ਹੁੰਦਾ ਹੈ ਕਿ ਪੰਜਾਬ ਸਰਕਾਰ ਕੋਲੋਂ ਲਾਅ ਅਤੇ ਆਰਡਰ ਦੀ ਸਥਿਤੀ ਕੰਟਰੋਲ ਨਹੀਂ ਹੋ ਰਹੀ।