ਟਾਈਟਲਰ ਨੂੰ ਕਾਂਗਰਸ ਕਮੇਟੀ ਦਾ ਸਥਾਈ ਮੈਂਬਰ ਬਣਾਉਣਾ ਸਿੱਖ ਕੌਮ ਦਾ ਅਪਮਾਨ: ਸੁਖਬੀਰ ਬਾਦਲ

ਅੰਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 1984 ਵਿਚ ਹਜ਼ਾਰਾਂ ਬੇਦੋਸ਼ੇ ਸਿੱਖ ਪੁਰਸ਼ਾਂ ਅਤੇ ਔਰਤਾਂ ਦੇ ਕਤਲੇਆਮ ਦੇ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਪਾਰਟੀ ਦੀ ਕਾਂਗਰਸ ਕਮੇਟੀ ਵਿਚ ਸ਼ਾਮਲ ਕਰਨ ’ਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਜ਼ੋਰਦਾਰ ਨਿਖੇਧੀ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਨਿਯੁਕਤੀ ਸਿੱਖ ਜ਼ਖ਼ਮਾਂ ਪ੍ਰਤੀ ਸੋਨੀਆ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਅਸੰਵੇਦਨਸ਼ੀਲਤਾ ਦਾ ਮੁਜ਼ਾਹਰਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣਾ ਫ਼ੈਸਲਾ ਹਜ਼ਾਰਾਂ ਬੇਦੋਸ਼ੇ ਸਿੱਖਾਂ ਦੇ ਕਤਲੇਆਮ ਦੀ ਵਰ੍ਹੇਗੰਢ ਮੌਕੇ ਲਿਆ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਪੰਥ ਦੇ ਡੂੰਘੇ ਅਤੇ ਨਾਸੂਰ ਬਣੇ ਜ਼ਖ਼ਮਾਂ ’ਤੇ ਲੂਣ ਛਿੜਕਣ ਲਈ ਇਸ ਫ਼ੈਸਲੇ ‘ਤੇ ਇਸ ਦੇ ਸਮੇਂ ਨਾਲੋਂ ਹੋਰ ਮਾੜਾ ਤਰੀਕਾ ਕੀ ਹੋ ਸਕਦਾ ਹੈ। ਇਹ ਫੈਸਲਾ ਦੁਖ਼ਾਂਤ ਦੀ 38ਵੀਂ ਵਰ੍ਹੇਗੰਢ ਤੋਂ ਕੁਝ ਦਿਨ ਪਹਿਲਾਂ ਹੀ ਆਇਆ ਹੈ।
ਬਾਦਲ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੁਣੌਤੀ ਦਿੱਤੀ ਕਿ ਉਹ ਨੈਤਿਕ ਦਲੇਰੀ ਵਿਖਾਉਂਦਿਆਂ ਇਸ ਫ਼ੈਸਲੇ ਦਾ ਵਿਰੋਧ ਕਰਨ ਅਤੇ ਇਸ ਨੂੰ ਰੱਦ ਕਰਵਾਉਣ। ਉਨ੍ਹਾਂ ਕਿਹਾ ਕਿ ਵਿਅਕਤੀ ਦਾ ਚਰਿੱਤਰ ਸਮਝੌਤੇ ਦੇ ਖੂੰਝੇ ਵਿਚੋਂ ਢਹਿ ਢੇਰੀ ਹੋ ਜਾਂਦਾ ਹੈ। ਹੁਣ ਉਹ ਇਸ ਖੂੰਝੇ ਵਿਚੋਂ ਬਾਹਰ ਨਿਕਲਣ ਅਤੇ ਨੈਤਿਕ ਦਲੇਰੀ ਵਿਖਾਉਂਦਿਆਂ ਘੱਟ ਤੋਂ ਘੱਟ ਸੱਚ ਤਾਂ ਬੋਲਣ ਅਤੇ ਆਪਣੇ ਚਰਿੱਤਰ ਨੂੰ ਢਹਿ ਢੇਰੀ ਹੋਣ ਤੋਂ ਬਚਾਅ ਲੈਣ।
ਉਨ੍ਹਾਂ ਕਿਹਾ ਕਿ ਟਾਈਟਲਰ ਨੂੰ ਕੁਲੀਨ ਕਮੇਟੀ ਦਾ ਸਥਾਈ ਮੈਂਬਰ ਬਣਾਉਣਾ ਬਹਾਦਰ ਅਤੇ ਦੇਸ਼ ਭਗਤ ਸਿੱਖ ਕੌਮ ਦਾ ਅਪਮਾਨ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਨਵਜੋਤ ਸਿੱਧੂ, ਮੁੱਖ ਮੰਤਰੀ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸੁਨੀਲ ਜਾਖੜ ਸਮੇਤ ਪੰਜਾਬ ਦੇ ਕਾਂਗਰਸੀਆਂ ਦੀ ਜ਼ਮੀਰ ਜਾਗੇਗੀ ਅਤੇ ਉਹ ਇਸਦੀ ਗੱਲ ਸੁਣਦਿਆਂ ਇਸ ਫ਼ੈਸਲੇ ਦਾ ਵਿਰੋਧ ਕਰ ਕੇ ਆਪਣਾ ਚਰਿੱਤਰ ਢਹਿ ਢੇਰੀ ਹੋਣ ਤੋਂ ਬਚਾ ਲੈਣਗੇ ?