ਪੰਜਾਬ ਸਰਕਾਰ ਦਾ ਵੱਡਾ ਐਲਾਨ, ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦੇਵੇਗੀ ਮੁਆਵਜ਼ਾ

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਕਾਰਨ ਨਰਮੇ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪ੍ਰੈੱਸ ਕਾਨਫਰੰਸ ਕਰਦੇ ਹੋਏ ਖੇਤੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਮੁਆਵਜ਼ਾ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਦੇ ਖਾਤਿਆਂ ‘ਚ ਭੇਜ ਦਿੱਤਾ ਜਾਵੇਗਾ ਅਤੇ ਇਸ ਦੀ ਅੱਜ ਹੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਕੁੱਲ 416 ਕਰੋੜ ਰੁਪਏ ਦਾ ਮੁਆਵਾਜ਼ਾ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ 26 ਤੋਂ 32 ਫ਼ੀਸਦੀ ਦੇ ਨੁਕਸਾਨ ‘ਤੇ 2000 ਰੁਪਏ ਪ੍ਰਤੀ ਏਕੜ ਅਤੇ 33 ਤੋਂ 75 ਫ਼ੀਸਦੀ ਦੇ ਨੁਕਸਾਨ ‘ਤੇ 5400 ਰੁਪਏ ਪ੍ਰਤੀ ਏਕੜ ਦਾ ਐਲਾਨ ਕੀਤਾ ਗਿਆ ਹੈ।
ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਨਰਮੇ ਦੀ ਫ਼ਸਲ ਨੂੰ ਨੁਕਸਾਨ ਤੋਂ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਾਧਨਾਂ ਮੁਤਾਬਕ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।