ਜਲੰਧਰ— ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੱਲ੍ਹ ਕਾਂਗਰਸ ਪਾਰਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ। ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੀਂ ਪਾਰਟੀ ਦਾ ਐਲਾਨ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਖੇਡ ਮੰਤਰੀ ਪਰਗਟ ਸਿੰਘ ਨੇ ਤੰਜ ਕੱਸਦਿਆਂ ਕਿਹਾ ਹੈ ਕਿ ਕੈਪਟਨ ਦੀ ਨਵੀਂ ਪਾਰਟੀ ਪੰੰਜਾਬੀਆਂ ਦੇ ਲਈ ਬਿਲਕੁਲ ਵੀ ਨਹੀਂ ਹੈ। ਪਰਗਟ ਸਿੰਘ ਨੇ ਟਵਿੱਟਰ ਜ਼ਰੀਏ ਲਿਖਿਆ ਕਿ ਕੈਪਟਨ ਦੀ ਨਵੀਂ ਪਾਰਟੀ ਨਾ ਤਾਂ ‘ਪੰਜਾਬੀਆਂ’ ਲਈ, ਨਾ ‘ਲੋਕਾਂ’ ਲਈ ਅਤੇ ‘ਕਾਂਗਰਸ’ ਲਈ ਤਾਂ ਬਿਲਕੁਲ ਵੀ ਨਹੀਂ ਹੈ।
ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ 2 ਨਵੰਬਰ ਨੂੰ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ, ਜਿਸ ਦਾ ਨਾਂ ‘ਪੰਜਾਬ ਲੋਕ ਕਾਂਗਰਸ’ ਪਾਰਟੀ ਹੈ। ਮੁੱਖ ਮੰਤਰੀ ਦੀ ਕੁਰਸੀ ਤੋਂ ਲਾਂਭੇ ਕੀਤੇ ਜਾਣ ਤੋਂ ਨਾਰਾਜ਼ ਚੱਲ ਰਹੇ ਕੈਪਟਨ ਪਹਿਲਾਂ ਹੀ ਕਹਿ ਚੁੱਕੇ ਸਨ ਕਿ ਉਹ ਹੁਣ ਕਾਂਗਰਸ ’ਚ ਵਾਪਸ ਨਹੀਂ ਜਾਣਗੇ ਅਤੇ ਆਪਣੀ ਵੱਖਰੀ ਪਾਰਟੀ ਬਣਾਉਣਗੇ।
ਕੈਪਟਨ ਨੇ ਇਹ ਜ਼ਰੂਰ ਕਿਹਾ ਸੀ ਕਿ ਭਾਜਪਾ ਕਿਸਾਨੀ ਮਸਲੇ ਹੱਲ ਕਰਦੀ ਹੈ ਤਾਂ ਉਹ ਚੋਣਾਂ ਦੌਰਾਨ ਭਾਜਪਾ ਨਾਲ ਗਠਜੋੜ ਕਰ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਕਾਂਗਰਸ ਦੇ ਕਈ ਆਗੂ ਉਨ੍ਹਾਂ ਦੇ ਸੰਪਰਕ ’ਚ ਹਨ। ਇਥੇ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪਾਰਟੀ ਛੱਡਣ ਨੂੰ ਲੈ ਕੇ ਸੋਨੀਆ ਗਾਂਧੀ ਨੂੰ 7 ਪੰਨਿ੍ਹਆਂ ਦਾ ਅਸਤੀਫ਼ਾ ਭੇਜਿਆ ਗਿਆ ਹੈ, ਜਿਸ ’ਚ ਕੈਪਟਨ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਰਜ ਕੇ ਆਪਣੀ ਭੜਾਸ ਕੱਢੀ ਹੈ।