ਚੰਡੀਗੜ੍ਹ : ਭਾਜਪਾ ਆਗੂ ਤਰੁਣ ਚੁੱਘ ਨੇ ਪੰਜਾਬ ਸਰਕਾਰ ਵੱਲੋਂ ਬੁਲਾਏ ਗਏ ਵਿਸ਼ੇਸ਼ ਇਜਲਾਸ ‘ਤੇ ਤੰਜ ਕੱਸਿਆ ਹੈ। ਤਰੁਣ ਚੁੱਘ ਨੇ ਕਿਹਾ ਕਿ ਆਮ ਆਦਮੀ ਦੇ ਪੈਸੇ ਨੂੰ ਬੇਦਰਦੀ ਨਾਲ ਖ਼ਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀ. ਐੱਸ. ਐੱਫ਼. ਖ਼ਿਲਾਫ਼ ਨਿੰਦਾ ਪ੍ਰਸਤਾਵ ਲੈ ਕੇ ਆਉਣਾ ਨਿੰਦਣਯੋਗ ਹੈ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਤਰੁਣ ਚੁੱਘ ਨੇ ਕਿਹਾ ਕਿ ਇਹ ਦੇਸ਼ ਦੀ ਸੁਰੱਖਿਆ ‘ਚ ਲੱਗੇ ਪੰਜਾਬ ਦੇ ਬੱਚਿਆਂ ਦਾ ਅਪਮਾਨ ਹੈ।
ਉਨ੍ਹਾਂ ਕਿਹਾ ਕਿ ਇਸ ਦਾ ਵਿਰੋਧ ਕਰਕੇ ਸਰਕਾਰ ਉਨ੍ਹਾਂ ਲੋਕਾਂ ਦੀ ਮਦਦ ਕਰ ਰਹੀ ਹੈ, ਜੋ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਲੱਗੇ ਹਨ। ਤਰੁਣ ਚੁੱਘ ਨੇ ਕਿਹਾ ਕਿ ਉਹ ਸਪੀਕਰ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਦੀ ਇਜਾਜ਼ਤ ਨਾ ਦੇਣ।
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਰੇ ਨਿਸ਼ਾਨਾ ਵਿੰਨ੍ਹਦਿਆਂ ਤਰੁਣ ਚੁੱਘ ਨੇ ਕਿਹਾ ਕਿ ਨਵਜੋਤ ਸਿੱਧੂ ਪਾਵਰ ਲਈ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਭਾਜਪਾ ‘ਚ ਜਾਣ ਲਈ ਵੀ ਲੜਦੇ ਰਹੇ ਹਨ ਅਤੇ ‘ਆਪ’ ‘ਚ ਜਾਣ ਲਈ ਵੀ ਲੜਦੇ ਰਹੇ। ਤਰੁਣ ਚੁੱਘ ਨੇ ਕਿਹਾ ਕਿ ਉਨ੍ਹਾਂ ਨੂੰ ਬਿਜਲੀ ਮੰਤਰੀ ਬਣਾਇਆ ਗਿਆ ਪਰ ਉਨ੍ਹਾਂ ਨੇ ਕੁੱਝ ਨਹੀਂ ਕੀਤਾ।