ਵਾਸ਼ਿੰਗਟਨ – ਬਾਈਡੇਨ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਸੰਬੰਧੀ ਇਕ ਹੋਰ ਅਨੁਕੂਲ ਕਦਮ ਚੁੱਕਿਆ ਹੈ। ਇਸ ਦੇ ਤਹਿਤ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀ ਲਈ ਕੰਮ ਕਰਨ ਦੇ ਅਧਿਕਾਰ ਨੂੰ ਸਵੈ ਮਨਜ਼ੂਰੀ ਦੇਣ ਲਈ ਸਹਿਮਤੀ ਦਿੱਤੀ ਹੈ। ਇਸ ਕਦਮ ਨਾਲ ਹਜ਼ਾਰਾਂ ਭਾਰਤੀ-ਅਮਰੀਕੀ ਔਰਤਾਂ ਨੂੰ ਵੀ ਫਾਇਦਾ ਹੋਵੇਗਾ।
ਐੱਚ-1ਬੀ ਵੀਜ਼ਾ ਧਾਰਕਾਂ ਵਿਚ ਵੱਡੀ ਗਿਣਤੀ ਭਾਰਤੀ ਆਈਟੀ ਪੇਸ਼ੇਵਰਾਂ ਦੀ ਹੈ। ਐੱਚ-4 ਵੀਜ਼ਾ ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਦੁਆਰਾ ਐੱਚ-1ਬੀ ਵੀਜ਼ਾ ਧਾਰਕਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ (ਪਤਨੀ ਅਤੇ 21 ਸਾਲ ਤੋਂ ਘੱਟ ਉਮਰ ਦੇ ਬੱਚਿਆਂ) ਨੂੰ ਜਾਰੀ ਕੀਤਾ ਜਾਂਦਾ ਹੈ। ਇਹ ਵੀਜ਼ਾ ਆਮ ਤੌਰ ‘ਤੇ ਉਨ੍ਹਾਂ ਲੋਕਾਂ ਨੂੰ ਜਾਰੀ ਕੀਤਾ ਜਾਂਦਾ ਹੈ ਜਿਨ੍ਹਾਂ ਨੇ ਪਹਿਲਾਂ ਹੀ ਅਮਰੀਕਾ ਵਿੱਚ ਰੁਜ਼ਗਾਰ-ਅਧਾਰਤ ਕਾਨੂੰਨੀ ਸਥਾਈ ਨਿਵਾਸੀ ਦਰਜੇ ਦੀ ਪ੍ਰਕਿਰਿਆ ਸ਼ੁਰੂ ਕਰ ਚੁੱਕੇ ਹਨ।
ਐੱਚ-1ਬੀ ਵੀਜ਼ਾ ਇੱਕ ਗੈਰ-ਇਮੀਗ੍ਰੇਸ਼ਨ ਵੀਜ਼ਾ ਹੈ ਜੋ ਅਮਰੀਕੀ ਕੰਪਨੀਆਂ ਨੂੰ ਵਿਦੇਸ਼ੀ ਕਰਮਚਾਰੀਆਂ ਨੂੰ ਨੌਕਰੀ ਦੇਣ ਦੀ ਇਜਾਜ਼ਤ ਦਿੰਦਾ ਹੈ। ਇਸ ਕਾਰਨ ਤਕਨਾਲੋਜੀ ਕੰਪਨੀਆਂ ਭਾਰਤ ਅਤੇ ਚੀਨ ਵਰਗੇ ਦੇਸ਼ਾਂ ਤੋਂ ਹਰ ਸਾਲ ਹਜ਼ਾਰਾਂ ਲੋਕਾਂ ਨੂੰ ਨੌਕਰੀ ‘ਤੇ ਰੱਖਦੀਆਂ ਹਨ। ਅਮਰੀਕਨ ਇਮੀਗ੍ਰੇਸ਼ਨ ਲਾਇਰਜ਼ ਐਸੋਸੀਏਸ਼ਨ ਨੇ ਕੁਝ ਮਹੀਨੇ ਪਹਿਲਾਂ ਪ੍ਰਵਾਸੀਆਂ ਦੇ ਜੀਵਨ ਸਾਥੀ ਵੱਲੋਂ ਮੁਕੱਦਮਾ ਦਾਇਰ ਕੀਤਾ ਸੀ, ਜਿਸ ਤੋਂ ਬਾਅਦ ਹੋਮਲੈਂਡ ਸਕਿਓਰਿਟੀ ਵਿਭਾਗ ਇਸ ਸਮਝੌਤਾ ‘ਤੇ ਪਹੁੰਚਿਆ ਸੀ।