ਤਲਵੰਡੀ ਸਾਬੋ: ਆਮ ਆਦਮੀ ਪਾਰਟੀ ਇਸ ਵਾਰ ਵਿਧਾਨ ਸਭਾ ਦੀਆਂ ਚੋਣਾਂ ਮੁੱਖ ਮੰਤਰੀ ਚਿਹਰਾ ਐਲਾਨ ਕੇ ਹੀ ਲੜੇਗੀ ਅਤੇ ਨਵੰਬਰ ਦੇ ਆਖਰੀ ਹਫ਼ਤੇ ਪਾਰਟੀ ਵੱਲੋਂ ਮੁੱਖ ਮੰਤਰੀ ਅਹੁਦੇ ਲਈ ਚਿਹਰੇ ਦਾ ਐਲਾਨ ਕਰ ਦਿੱਤਾ ਜਾਵੇਗਾ। ਇਹ ਖੁਲਾਸਾ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਫਿਰ ਉਮੀਦਵਾਰ ਐਲਾਨੇ ਜਾਣ ਉਪਰੰਤ ‘ਆਪ’ ਦੀ ਨੈਸ਼ਨਲ ਕੌਂਸਲ ਮੈਂਬਰ ਅਤੇ ਹਲਕਾ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੋਵਾਂ ਰਵਾਇਤੀ ਪਾਰਟੀਆਂ ਤੋਂ ਅੱਕ ਚੁੱਕੇ ਹਨ ਅਤੇ ਉਹ ਤੀਜੇ ਸਿਆਸੀ ਬਦਲ ਦੇ ਤੌਰ ’ਤੇ ਆਮ ਆਦਮੀ ਪਾਰਟੀ ਨੂੰ ਦੇਖ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਵੇਗੀ। ਪਾਰਟੀ ਦੇ ਵਿਧਾਇਕਾਂ ਵੱਲੋਂ ਲਗਾਤਾਰ ਪਾਰਟੀ ਛੱਡਣ ਦੇ ਮਾਮਲੇ ’ਤੇ ਵਿਧਾਇਕਾ ਨੇ ਕਿਹਾ ਕਿ ਅਜਿਹੀ ਸਿਆਸੀ ਅਦਲਾ-ਬਦਲੀ ਚਲਦੀ ਰਹਿੰਦੀ ਹੈ, ਇਸ ਨਾਲ ਕੋਈ ਫਰਕ ਨਹੀਂ ਪੈਂਦਾ।
ਮੁੱਖ ਮੰਤਰੀ ਚੰਨੀ ਵੱਲੋਂ ਆਪਣੀ ਸਰਕਾਰ ਨੂੰ ਆਮ ਆਦਮੀ ਦੀ ਸਰਕਾਰ ਦੱਸਣ ’ਤੇ ਉਨ੍ਹਾਂ ਕਿਹਾ ਕਿ ਪਹਿਲਾਂ ਪੌਣੇ 5 ਸਾਲ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਨਿਕੰਮੀ ਸਰਕਾਰ ਦੇਣ ਤੋਂ ਬਾਅਦ ਕਾਂਗਰਸ ਵੱਲੋਂ ਮੁੱਖ ਮੰਤਰੀ ਬਣਾਏ ਚੰਨੀ ਸਾਹਿਬ ਆਮ ਆਦਮੀ ਦੀ ਰੀਸ ਤਾਂ ਕਰ ਸਕਦੇ ਨੇ ਪਰ ਕੇਜਰੀਵਾਲ ਸਰਕਾਰ ਨੇ 49 ਦਿਨਾਂ ਦੀ ਸਰਕਾਰ ਦੌਰਾਨ 32 ਅਫਸਰਾਂ ਨੂੰ ਮੁਅੱਤਲ ਕੀਤਾ ਸੀ ਤੇ ਅਜਿਹਾ ਸਿਰਫ ਆਮ ਆਦਮੀ ਪਾਰਟੀ ਦੀ ਸਰਕਾਰ ਹੀ ਕਰ ਸਕਦੀ ਹੈ।