ਟਾਂਡਾ/ਭੋਗਪੁਰ – ਥਾਣਾ ਟਾਂਡਾ ਦੇ ਪਿੰਡ ਨੰਗਲ ਫ਼ੀਰਦ ਵਿੱਚ ਕਾਰ ਸਵਾਰਾਂ ਵੱਲੋਂ ਇਕ ਕਿਸਾਨ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਕੱਤਰ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਨੰਗਲ ਫ਼ਰੀਦ ਥਾਣਾ ਟਾਂਡਾ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਕਿ ਇਸੇ ਦੌਰਾਨ ਇਕ ਆਈ- 20 ਕਾਰ ਵਿਚ ਸਵਾਰ ਅਣਪਛਾਤੇ ਹਮਲਾਵਰਾਂ ਵੱਲੋਂ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ।
ਦੱਸਿਆ ਜਾ ਰਿਹਾ ਹੈ ਕਿ ਚਾਰ ਗੋਲ਼ੀਆਂ ਉਸ ਦੇ ਸਰੀਰ ਵਿੱਚ ਲੱਗੀਆਂ। ਜ਼ਖ਼ਮੀ ਹਾਲਤ ਵਿੱਚ ਲੋਕਾਂ ਵੱਲੋਂ ਉਸ ਨੂੰ ਜਲੰਧਰ ਲਿਜਾਇਆ ਜਾ ਰਿਹਾ ਸੀ ਤਾਂ ਇਸੇ ਦੌਰਾਨ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੂੰ ਕਾਲਾ ਬੱਕਰਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਹਸਪਤਾਲ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਫਿਲਹਾਲ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਇਸ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।