ਰਾਜਸਥਾਨ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕੀਤੀ ਕਟੌਤੀ

ਜੈਪੁਰ – ਰਾਜਸਥਾਨ ਦੀ ਅਸ਼ੋਕ ਗਹਿਲੋਤ ਸਰਕਾਰ ਨੇ ਸੂਬੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ ਦਾ ਫੈਸਲਾ ਕੀਤਾ ਹੈ। ਮੰਗਲਵਾਰ ਰਾਤ 12 ਵਜੇ ਤੋਂ ਸੂਬੇ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਕ੍ਰਮਵਾਰ ਚਾਰ ਅਤੇ ਪੰਜ ਰੁਪਏ ਪ੍ਰਤੀ ਲੀਟਰ ਦੀ ਕਮੀ ਹੋ ਜਾਵੇਗੀ। ਇਸ ਤੋਂ ਪਹਿਲਾਂ ਦੀਵਾਲੀ ਤੋਂ ਇਕ ਦਿਨ ਪਹਿਲਾਂ 3 ਨਵੰਬਰ ਨੂੰ ਕੇਂਦਰ ਨੇ ਪੈਟਰੋਲ ‘ਚ 5 ਰੁਪਏ ਅਤੇ ਡੀਜ਼ਲ ‘ਚ 10 ਰੁਪਏ ਦੀ ਕਟੌਤੀ ਕੀਤੀ ਸੀ।
ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕੀਤਾ, ‘ਅੱਜ ਹੋਈ ਕੈਬਨਿਟ ਮੀਟਿੰਗ ‘ਚ ਪੈਟਰੋਲ ਅਤੇ ਡੀਜ਼ਲ ‘ਤੇ ਵੈਟ ਦੀ ਦਰ ਘਟਾਉਣ ਦਾ ਫੈਸਲਾ ਕੀਤਾ ਗਿਆ। ਅੱਜ ਰਾਤ 12 ਵਜੇ ਤੋਂ ਪੈਟਰੋਲ ‘ਚ 4 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ‘ਚ 5 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਹੋ ਜਾਵੇਗੀ। ਇਸ ਕਾਰਨ ਰਾਜ ਸਰਕਾਰ ਨੂੰ 3500 ਕਰੋੜ ਰੁਪਏ ਦੇ ਸਾਲਾਨਾ ਮਾਲੀਏ ਦਾ ਘਾਟਾ ਸਹਿਣਾ ਪਵੇਗਾ।’