ਚੰਡੀਗੜ੍ਹ— ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਵੱਲੋਂ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਦੇ ਕਰਜ਼ ਮੁਆਫ਼ੀ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਪੇਟੇ ’ਚ ਲਿਆ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਵੱਡਾ ਹਮਲਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਜੇ ਤੱਕ ਕਿਸਾਨਾਂ ਦਾ ਮੁਕੰਮਲ ਤੌਰ ’ਤੇ ਕਰਜ਼ਾ ਮੁਆਫ਼ ਨਹੀਂ ਕੀਤਾ ਗਿਆ ਹੈ, ਜਿਸ ਕਰਕੇ ਕਿਸਾਨ ਅਜੇ ਵੀ ਖ਼ੁਦਕੁਸ਼ੀਆਂ ਕਰ ਰਹੇ ਹਨ। ਸਰਕਾਰ ਨੂੰ ਚੁਣੌਤੀ ਦਿੰਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਚੋਣ ਜ਼ਾਬਤਾ ਤੋਂ ਪਹਿਲਾਂ ਕਿਸਾਨਾਂ ਦੇ ਮੁਕੰਮਲ ਕਰਜ਼ ਮੁਆਫ਼ੀ ਸਬੰਧੀ ਪੰਜਾਬ ਸਰਕਾਰ ਸਮਾਂ ਤੇ ਸੀਮਾ ਨਿਰਧਾਰਿਤ ਕਰੇ।
ਉਨ੍ਹਾਂ ਕਿਹਾ ਕਿ ਜਿਸ ਵਾਅਦੇ ਦੇ ਨਾਲ ਪੰਜਾਬ ਦੀ ਕਾਂਗਰਸ ਸਰਕਾਰ ਸੱਤਾ ’ਚ ਆਈ ਸੀ, ਹੁਣ ਉਹ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਜਦੋਂ ਕੈਪਟਨ ਸਾਬ੍ਹ ਨੇ ਕਮਾਂਡ ਸੰਭਾਲੀ ਸੀ ਤਾਂ ਉਨ੍ਹਾਂ ਵਾਅਦਾ ਕੀਤਾ ਸੀ ਕਿ ਕਿਸਾਨਾਂ ਦਾ ਮੁਕੰਮਲ ਤੌਰ ’ਤੇ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਕਿਸਾਨ ਵੱਖ-ਵੱਖ ਸੰਸਥਾਵਾਂ ਤੋਂ ਕਰਜ਼ਾ ਲੈ ਕੇ ਕਿਸਾਨੀ ਕਰ ਰਿਹਾ ਹੈ। ਅੱਜ ਪੂਰੇ ਪੰਜਾਬ ਦੇ ਕਿਸਾਨਾਂ ’ਤੇ ਲਗਭਗ ਡੇਢ ਲੱਖ ਕਰੋੜ ਦਾ ਕਰਜ਼ਾ ਹੈ। ਜਿਹੜਾ ਕਰਜ਼ਾ 2017 ਨੂੰ 90 ਹਜ਼ਾਰ ਕਰੋੜ ਦਾ ਸੀ, ਉਹ ਹੁਣ ਵੱਧ ਕੇ ਡੇਢ ਲੱਖ ਕਰੋੜ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਮਾਰਨ, ਖੇਤੀ ਨੂੰ ਖ਼ਤਮ ਕਰਨ ਦਾ ਯਤਨ ਕਰ ਰਹੀ ਹੈ, ਉਥੇ ਹੀ ਸੂਬਾ ਸਰਕਾਰ ਵੱਲੋਂ ਅਜੇ ਤੱਕ ਕਿਸਾਨਾਂ ਨੂੰ ਕਰਜ਼ੇ ਦੇ ਸੰਕਟ ’ਚੋਂ ਕੱਢਣ ਲਈ ਕੋਈ ਨੀਤੀ ਨਹੀਂ ਬਣਾਈ ਗਈ ਹੈ।
ਅੱਗੇ ਬੋਲਦੇ ਹੋਏ ਹਰਪਾਲ ਚੀਮਾ ਨੇ ਕਿਹਾ ਕਿ ਅਜੇ ਤੱਕ ਕਿਸਾਨਾਂ ਨੂੰ ਗੁਲਾਬੀ ਸੁੰਡੀ ਨਾਲ ਤਬਾਹ ਹੋਏ ਫ਼ਸਲ ਦਾ ਮੁਆਵਜ਼ਾ ਨਹੀਂ ਮਿਲਿਆ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਮੁੱਖ ਮੰਤਰੀ ਚੰਨੀ ਵੱਲੋਂ ਇਹ ਕਿਹਾ ਗਿਆ ਹੈ ਕਿ ਪਰਾਲੀ ਨੂੰ ਲੈ ਕੇ ਜਿੰਨੇ ਵੀ ਕਿਸਾਨਾਂ ’ਤੇ ਪਰਚੇ ਕੀਤੇ ਗਏ ਹਨ, ਉਹ ਰੱਦ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਰਚੇ ਤਾਂ ਪੰਜਾਬ ਸਰਕਾਰ ਵੱਲੋਂ ਹੀ ਕੀਤੇ ਗਏ ਸਨ।
ਪਹਿਲਾਂ ਕਿਸਾਨਾਂ ’ਤੇ ਪਰਚੇ ਕਰਕੇ ਕਿਸਾਨਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ ਅਤੇ ਹੁਣ ਤੰਗ ਪਰੇਸ਼ਾਨ ਕਰਨ ਤੋਂ ਬਾਅਦ ਪਰਚੇ ਵਾਪਸ ਰੱਦ ਕਰਨ ਦੀ ਗੱਲ ਕਰ ਰਹੇ ਹਨ। ਪੰਜਾਬ ਸਰਕਾਰ ਨੇ ਕਿਸਾਨਾਂ ਦੀ ਕੋਈ ਬਾਂਹ ਨਹੀਂ ਫੜੀ। ਪੰਜਾਬ ਸਰਕਾਰ ਕਿਸਾਨਾਂ ਨਾਲ ਧੋਖਾ ਹੀ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਐੱਨ. ਜੀ. ਟੀ. ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ’ਤੇ ਪੰਜਾਬ ਸਰਕਾਰ ਵੱਲੋਂ ਕੋਈ ਵੀ ਧਿਆਨ ਨਹੀਂ ਦਿੱਤਾ ਗਿਆ। ਲਗਭਗ 300 ਕਰੋੜ ਕਿਸਾਨ ਦੀ ਸਬਸਿਡੀ ਸਰਕਾਰ ਦੱਬੀ ਬੈਠੀ ਹੈ, ਜੇਕਰ ਕਿਸਾਨਾਂ ਇਹ ਸਬਸਿਡੀ ਦਿੱਤੀ ਜਾਂਦੀ ਤਾਂ ਕਾਫ਼ੀ ਹੱਦ ਤੱਕ ਪਰਾਲੀ ਨਾ ਸਾੜਨ ਦੀ ਪ੍ਰਕਿਰਿਆ ਜਾਰੀ ਹੋ ਜਾਣੀ ਸੀ।
ਉਨ੍ਹਾਂ ਰਾਹੁਲ ਗਾਂਧੀ, ਪਿ੍ਰਯੰਕਾ ਗਾਂਧੀ, ਸੋਨੀਆ ਗਾਂਧੀ ’ਤੇ ਤੰਜ ਕੱਸਦੇ ਕਿਹਾ ਕਿ ਇਕ ਵਾਰੀ ਆਓ ਅਤੇ ਕਿਸਾਨਾਂ ਦਾ ਹਾਲ ਪੁੱਛੋ। ਹਰਪਾਲ ਚੀਮਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੰਗ ਕਰਦੇ ਹੋਏ ਕਿਹਾ ਕਿ ਚੰਨੀ ਸਾਬ੍ਹ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਇਹ ਤਾਰੀਖ਼ ਮੁਕਰਰ ਕਰਨ ਕਿ ਕਦੋ ਤੱਕ ਕਿਸਾਨਾਂ ਦਾ ਮੁਕੰਮਲ ਤੌਰ ’ਤੇ ਕਰਜ਼ਾ ਮੁਆਫ਼ ਹੋਵੇਗਾ। ਉਨ੍ਹਾਂ ਸਰਕਾਰ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦਾ ਸਮਾਂ ਅਤੇ ਸੀਮਾ ਨਿਰਧਾਰਿਤ ਕਰੇ ਅਤੇ 2017 ’ਚ ਕਿਸਾਨਾਂ ਨਾਲ ਕਰਜ਼ ਮੁਆਫ਼ੀ ਨੂੰ ਲੈ ਕੇ ਕੀਤੇ ਗਏ ਵਾਅਦੇ ਨੂੰ ਪੂਰਾ ਕਰੇ।