ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵਲੋਂ ਤਿੰਨ ਖੇਤੀ ਕਾਨੂੰਨ ਰੱਦ ਕੀਤੇ ਜਾਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਜਥੇਦਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਕੈਬਨਿਟ ਦਾ ਧੰਨਵਾਦ ਕੀਤਾ ਹੈ। ਜਥੇਦਾਰ ਵਲੋਂ ਜਾਰੀ ਵੀਡੀਓ ਸੰਦੇਸ਼ ਵਿਚ ਉਨ੍ਹਾਂ ਕਿਹਾ ਕਿ ਇਹ ਖ਼ੁਸ਼ੀ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਵਲੋਂ ਇਹ ਕਾਲੇ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਗੁਰੂ ਨਾਨਕ ਸਾਹਿਬ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਵਾਲੇ ਦਿਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਧਿਰਾਂ ਕਿਸਾਨ ਅੰਦੋਲਨ ਦੌਰਾਨ ਕਿਸਾਨੀ ਨਾਲ ਸੰਬੰਧਤ ਇਸ ਮਸਲੇ ਨੂੰ ਸਿੱਖ ਬਨਾਮ ਭਾਰਤ ਸਰਕਾਰ ਅਤੇ ਸਿੱਖ ਬਨਾਮ ਹਿੰਦੂ ਬਣਾਉਣ ਦੀਆਂ ਕੋਝੀਆਂ ਕੋਸ਼ਿਸ਼ਾਂ ਕਰ ਰਹੀਆਂ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਚੰਗਾ ਫ਼ੈਸਲਾ ਹੈ ਅਤੇ ਇਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ।