ਪਟਿਆਲਾ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧਰਮ ਪਤਨੀ ਮਹਾਰਾਣੀ ਪਰਨੀਤ ਕੌਰ ਨੇ 3 ਖੇਤੀ ਕਾਨੂੰਨ ਰੱਦ ਹੋਣ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ। ਪਰਨੀਤ ਕੌਰ ਨੇ ਕਿਹਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ‘ਤੇ ਇਹ ਸਾਡੇ ਕਿਸਾਨਾਂ ਦੀ ਇਕ ਵੱਡੀ ਜਿੱਤ ਹੈ।
ਕਿਸਾਨਾਂ ਵੱਲੋਂ ਘਰ ਵਾਪਸੀ ਦੇ ਸਵਾਲ ਦਾ ਜਵਾਬ ਦਿੰਦਿਆਂ ਪਰਨੀਤ ਕੌਰ ਨੇ ਕਿਹਾ ਕਿ ਲੰਬੇ ਸਮੇਂ ਤੋਂ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਕਿਸਾਨ ਬੇਹੱਦ ਹੀ ਸੂਝਵਾਨ ਹਨ ਅਤੇ ਸਾਰੀਆਂ ਗੱਲਾਂ ਨੂੰ ਮੁੱਖ ਰੱਖਦਿਆਂ ਹੀ ਉਨ੍ਹਾਂ ਵੱਲੋਂ ਅਗਲਾ ਕੋਈ ਫ਼ੈਸਲਾ ਲਿਆ ਜਾਵੇਗਾ। ਜਦੋਂ ਮਹਾਰਾਣੀ ਪਰਨੀਤ ਨੂੰ ਕੈਪਟਨ ਅਮਰਿੰਦਰ ਸਿੰਘ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦਿੱਤਾ ਹੈ ਅਤੇ ਭਵਿੱਖ ‘ਚ ਵੀ ਉਹ ਹਮੇਸ਼ਾ ਕੈਪਟਨ ਦਾ ਸਾਥ ਦੇਣਗੇ।
ਦੱਸਣਯੋਗ ਹੈ ਕਿ ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਵੱਲੋਂ 3 ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਬਾਅਦ ਵੱਖ-ਵੱਖ ਸਿਆਸਤਦਾਨਾਂ ਦੇ ਬਿਆਨ ਸਾਹਮਣੇ ਆ ਰਹੇ ਹਨ।