ਚੰਡੀਗੜ੍ਹ : ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਸਾਨ ਆਗੂਆਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 3 ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ਪ੍ਰਧਾਨ ਮੰਤਰੀ ਦੇ ਇਸ ਫ਼ੈਸਲੇ ਤੋਂ ਕਿਸਾਨ ਆਗੂ ਹੈਰਾਨ ਹਨ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਦੁਕਾਨ ਬੰਦ ਹੁੰਦੀ ਨਜ਼ਰ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਕਿਸਾਨ ਨਹੀਂ ਚਾਹੁੰਦੇ ਕਿ ਅੰਦੋਲਨ ਨੂੰ ਖ਼ਤਮ ਕੀਤਾ ਜਾਵੇ। ਦੂਜੇ ਪਾਸੇ ਕਾਂਗਰਸ ਦੀ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਚੰਨੀ ਸਰਕਾਰ ਸਿਰਫ ਲੋਕਾਂ ਨੂੰ ਲਾਅਰੇ ਲਾਉਣ ਵਾਲੀ ਸਰਕਾਰ ਹੈ, ਜਦੋਂ ਕਿ ਭਾਜਪਾ ਦੂਜੀਆਂ ਪਾਰਟੀਆਂ ਵਾਂਗ ਲੋਕਾਂ ਨੂੰ ਲਾਅਰੇ ਨਹੀਂ ਲਾਵੇਗੀ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ ਦਾ ਖਜ਼ਾਨਾ ਹੀ ਖ਼ਾਲੀ ਹੈ ਤਾਂ ਫਿਰ ਚੰਨੀ ਸਰਕਾਰ ਲੋਕਾਂ ਨਾਲ ਕੀਤੇ ਹੋਏ ਵਾਅਦੇ ਕਿਵੇਂ ਪੂਰਾ ਕਰੇਗੀ।
ਉੱਥੇ ਹੀ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਸਿਆਸੀ ਹਮਲਾ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਡਰਾਮੇਬਾਜ਼ੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦਾ ਚੋਣ ਮੈਨੀਫੈਸਟੋ ਇੱਕ ਸੰਕਲਪ ਪੱਤਰ ਹੋਵੇਗਾ। ਆਪਣੇ ਵਿਰੋਧੀਆਂ ਬਾਰੇ ਬੋਲਦੇ ਹੋਏ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਐਲਾਨ ਕਰਕੇ ਭੱਜ ਜਾਂਦੀਆਂ ਹਨ ਪਰ ਭਾਜਪਾ ਦੀਆਂ ਨੀਤੀਆਂ ਬਿਲਕੁਲ ਸਪੱਸ਼ਟ ਹਨ।