ਚੰਡੀਗੜ੍ਹ- ਪੰਜਾਬ ਭਵਨ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਅੱਜ ਆਮ ਆਦਮੀ ਪਾਰਟੀ ਦੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਰਾਜਨੀਤਕ ਗਲਿਆਰਿਆਂ ‘ਚ ਉਨ੍ਹਾਂ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ। ਹਾਲਾਂਕਿ ਖੁਦ ਕੰਵਰ ਸੰਧੂ ਨੇ ਇਸ ’ਤੇ ਕੋਈ ਟਿੱਪਣੀ ਨਹੀਂ ਕੀਤੀ ਹੈ।\
ਉਧਰ ਮੰਤਰੀ ਰਾਜਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਪੋਲ ਖੁੱਲ੍ਹ ਚੁੱਕੀ ਹੈ ਅਤੇ ਹੁਣ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਂਗਰਸ ਦਾ ਹੱਥ ਫੜਨ ਲਈ ਬੇਤਾਬ ਹਨ। ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ’ਤੇ ਵੀ ਨਿਸ਼ਾਨਾ ਸਾਧਿਆ। ਵੇਰਕਾ ਨੇ ਕਿਹਾ ਕਿ ਕੇਜਰੀਵਾਲ ਪੰਜਾਬ ਵਿਚ ਜਿੰਨੀ ਗਾਰੰਟੀ ਦੇ ਰਹੇ ਹਨ, ਉਹ ਸਾਰੇ ਨਕਲੀ ਹਨ ਕਿਉਂਕਿ ਦਿੱਲੀ ਵਿਚ ਉਨ੍ਹਾਂ ਵਲੋਂ ਦਿੱਤੀਆਂ ਗਈਆਂ ਤਮਾਮ ਗਾਰੰਟੀਆਂ ਫੇਲ੍ਹ ਹੋ ਚੁੱਕੀਆਂ ਹਨ। ਪੰਜਾਬ ਦੇ ਲੋਕ ਸਮਝਦਾਰ ਹਨ ਅਤੇ ਉਹ ਇਸ ਤਰ੍ਹਾਂ ਦੀ ਬਿਆਨਬਾਜ਼ੀ ਦੇ ਝਾਂਸੇ ਵਿਚ ਨਹੀਂ ਫਸਣਗੇ।