ਨਵੀਂ ਦਿੱਲੀ— ਸੱਤਾਧਾਰੀ ਭਾਜਪਾ ਪਾਰਟੀ ਨੇ ਤਿੰਨ ਲਾਈਨਾਂ ਦਾ ਵਿ੍ਹਪ ਜਾਰੀ ਕੀਤਾ ਹੈ। ਇਸ ’ਚ ਸਾਰੇ ਰਾਜ ਸਭਾ ਸੰਸਦ ਮੈਂਬਰਾਂ ਨੂੰ 29 ਨਵੰਬਰ ਨੂੰ ਸਦਨ ਵਿਚ ਮੌਜੂਦ ਰਹਿਣ ਲਈ ਕਿਹਾ ਗਿਆ ਹੈ। ਇਹ ਵਿ੍ਹਪ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਸੰਸਦ ਦਾ ਸਰਦ ਰੁੱਤ ਸੈਸ਼ਨ 29 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਬਿੱਲ ਵੀ ਸੰਸਦ ’ਚ ਪੇਸ਼ ਕੀਤਾ ਜਾ ਸਕਦਾ ਹੈ।
ਵਿ੍ਹਪ ’ਚ ਕਿਹਾ ਗਿਆ ਕਿ ਭਾਜਪਾ ਸੰਸਦ ਮੈਂਬਰਾਂ ਨੂੰ ਸਰਕਾਰ ਦਾ ਸਮਰਥਨ ਕਰਨ ਲਈ ਮੌਜੂਦ ਰਹਿਣਾ ਹੋਵੇਗਾ। ਸਦਨ ’ਚ ਸੋਮਵਾਰ ਇਕ ਮਹੱਤਵਪੂਰਨ ਵਿਸ਼ੇ ’ਤੇ ਚਰਚਾ ਹੋਵੇਗੀ ਅਤੇ ਇਸ ਨੂੰ ਪਾਸ ਕਰਾਇਆ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਹਫ਼ਤੇ ਐਲਾਨ ਕੀਤਾ ਸੀ ਕਿ ਸਰਕਾਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇਗੀ ਅਤੇ ਇਸ ਲਈ ਸੰਸਦ ਵਿਚ ਜ਼ਰੂਰੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾਵੇਗਾ। ਬੀਤੇ ਕੱਲ ਬੁੱਧਵਾਰ ਨੂੰ ਕੇਂਦਰੀ ਕੈਬਨਿਟ ਨੇ ਇਸ ਪ੍ਰਸਤਾਵ ’ਤੇ ਮੋਹਰ ਲਾ ਦਿੱਤੀ ਸੀ।
ਦੱਸਣਯੋਗ ਹੈ ਕਿ ਸਰਕਾਰ ਅਤੇ ਕਿਸਾਨਾਂ ਵਿਚਾਲੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਸਾਲ ਤੋਂ ਟਕਰਾਅ ਚੱਲ ਰਿਹਾ ਹੈ। ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੇ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਆਖ਼ਰਕਾਰ ਮੋਦੀ ਸਰਕਾਰ ਨੂੰ ਕਿਸਾਨਾਂ ਅੱਗੇ ਝੁੱਕਣਾ ਪਿਆ ਅਤੇ 19 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਵਲੋਂ ਤਿੰਨੋਂ ਖੇਤੀ ਕਾਨੂੰਨ ਰੱਦ ਕਾਨੂੰਨ ਦਾ ਐਲਾਨ ਕੀਤਾ ਗਿਆ। ਹੁਣ ਸੰਸਦ ’ਚ ਇਸ ਕਾਨੂੰਨਾਂ ਦੀ ਵਾਪਸੀ ’ਤੇ ਮੋਹਰ ਲੱਗ ਸਕਦੀ ਹੈ।