ਚੰਡੀਗੜ੍ਹ – ‘ਆਪ’ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਅੱਜ ਚੰਡੀਗੜ੍ਹ ’ਚ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਰਾਘਵ ਚੱਢਾ ਨੇ ਚੰਨੀ ਸਰਕਾਰ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਕਲ ਤਾਂ ਕਰਦੇ ਹਨ ਪਰ ਉਨ੍ਹਾਂ ਵਾਂਗ ਕੰਮ ਨਹੀਂ ਕਰ ਸਕਦੇ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦੀ ਨਕਲ ਕਰਨਾ ਸੌਖਾ ਹੈ ਪਰ ਉਨ੍ਹਾਂ ਦੇ ਕੰਮ ‘ਤੇ ਅਮਲ ਕਰਨਾ ਬਹੁਤ ਮੁਸ਼ਕਿਲ ਹੈ। ਉਨ੍ਹਾਂ ਨੇ ਮੁੱਖ ਮੰਤਰੀ ਚੰਨੀ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਦਿੱਲੀ ਸਰਕਾਰ ਦੀ ਤਰਜ਼ ‘ਤੇ ਕੋਰੋਨਾ ਕਾਲ ਦੌਰਾਨ ਜਾਨ ਗੁਆਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਇਕ-ਇਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇ।
ਰਾਘਵ ਚੱਢਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਚੰਨੀ ਅਨੁਸੂਚਿਤ ਜਾਤੀ ਦੇ ਨਾਂ ‘ਤੇ ਵੋਟ ਬੈਂਕ ਦੀ ਸਿਆਸਤ ਨਾ ਕਰਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਅਨੁਸੂਚਿਤ ਤੇ ਗ਼ਰੀਬ ਘਰਾਂ ਦੇ ਬੱਚਿਆਂ ਨੂੰ ਵਿਦੇਸ਼ ਪੜ੍ਹਨ ਲਈ ਭੇਜਿਆ ਜਾਂਦਾ ਹੈ ਤੇ ਦੇਸ਼ ਦੀਆਂ ਵੱਡੀਆਂ ਸੰਸਥਾਵਾਂ ਵਿੱਚ ਦਿੱਲੀ ਸਰਕਾਰ ਦੇ ਖਰਚੇ ‘ਤੇ ਪੜ੍ਹਨ ਭੇਜਿਆ ਜਾਂਦਾ ਹੈ।ਰਾਘਵ ਚੱਢਾ ਨੇ ਕਿਹਾ ਕਿ ਦਿੱਲੀ ਸਰਕਾਰ ਵੱਲੋਂ ਲਾਗੂ ਯੋਜਨਾ ਜੈ ਭੀਮ ਦੀ ਹੋਰਾਂ ਸੂਬਿਆਂ ਵਿੱਚ ਵੀ ਚਰਚਾ ਹੋ ਰਹੀ ਹੈ। ਪੰਜਾਬ ਸਰਕਾਰ ਨੂੰ ਘੇਰਦਿਆਂ ਰਾਘਵ ਚੱਢਾ ਕਿਹਾ ਕਿ ਅਜੇ ਤੱਕ ਪੰਜਾਬ ਵਿੱਚ ਗ਼ਰੀਬ ਲੋਕਾਂ ਲਈ ਐਲਾਨੇ 5-5 ਮਰਲੇ ਦੇ ਪਲਾਂਟ ਵੀ ਨਹੀਂ ਮਿਲੇ।