CM ਚੰਨੀ ਵੱਲੋਂ ਪੇਸ਼ ਕੀਤੇ ਰਿਪੋਰਟ ਕਾਰਡ ‘ਤੇ ਅਕਾਲੀ ਦਲ ਦਾ ਤੰਜ, ਆਖੀਆਂ ਇਹ ਗੱਲਾਂ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਵੱਲੋਂ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਲੈ ਕੇ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਮੌਕੇ ਦਲਜੀਤ ਸਿੰਘ ਚੀਮਾ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੀ ਰਗੜੇ ਲਾਏ ਗਏ। ਅਸਲ ‘ਚ ਮੁੱਖ ਮੰਤਰੀ ਚੰਨੀ ਵੱਲੋਂ ਬੀਤੇ ਦਿਨ ਪ੍ਰੈੱਸ ਕਾਨਫਰੰਸ ਕਰਕੇ ਆਪਣਾ 70 ਦਿਨਾਂ ਦਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਸੀ, ਜਿਸ ‘ਤੇ ਡਾ. ਦਲਜੀਤ ਸਿੰਘ ਚੀਮਾ ਵੱਲੋਂ ਤੰਜ ਕੱਸਿਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਸਿਰਫ ਐਲਾਨ ਹੀ ਕਰਦੇ ਹਨ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਾਰੇ ਐਲਾਨ ਝੂਠੇ ਹੁੰਦੇ ਹਨ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਸਿਰਫ ਆਪਣਾ ਨਾਂ ਹੀ ਬਦਲਦੇ ਰਹਿਣਗੇ ਜਾਂ ਫਿਰ ਲੋਕਾਂ ਦਾ ਕੋਈ ਕੰਮ ਵੀ ਕਰਨਗੇ। ਪੰਜਾਬ ‘ਚ ਬਿਜਲੀ ਸਸਤੀ ਹੋਣ ਬਾਰੇ ਬੋਲਦਿਆਂ ਡਾ. ਦਲਜੀਤ ਚੀਮਾ ਨੇ ਕਿਹਾ ਕਿ ਜਿਹੜੇ ਇੰਨੇ ਮਹੀਨੇ ਬਿੱਲ ਵਧਾ ਕੇ ਲਏ ਗਏ ਹਨ, ਉਨ੍ਹਾਂ ਲਈ ਕੌਣ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਸਮਝੌਤੇ ਵੀ ਪੰਜਾਬ ਸਰਕਾਰ ਵੱਲੋਂ ਰੱਦ ਨਹੀਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਐਲਾਨ ਤਾਂ ਕਰ ਰਹੇ ਹਨ ਪਰ ਇਹ ਨਹੀਂ ਦੱਸ ਰਹੇ ਕਿ ਇਹ ਸਕੀਮਾਂ ਕਿਵੇਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਭਵਿੱਖ ਦੇ ਵੀ ਸਾਰੇ ਫ਼ੈਸਲੇ ਕਰੀ ਜਾ ਰਹੇ ਹਨ ਤਾਂ ਜੋ ਅਗਲੀ ਸਰਕਾਰ ਨੂੰ ਕੋਈ ਕੰਮ ਨਾ ਕਰਨਾ ਪਵੇ। ਦਲਜੀਤ ਸਿੰਘ ਚੀਮਾ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਕਾਂਗਰਸ ‘ਚ ਸ਼ਾਮਲ ਕਰਾਉਣ ਬਾਰੇ ਵੀ ਸਵਾਲ ਚੁੱਕੇ ਗਏ।
ਇਸ ਮੌਕੇ ਦਲਜੀਤ ਚੀਮਾ ਵੱਲੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵੀ ਨਿਸ਼ਾਨਾ ਵਿੰਨ੍ਹਿਆ ਗਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਕੂਲਾਂ ਅਤੇ ਸਰਹੱਦੀ ਇਲਾਕਿਆਂ ਦੇ ਸਕੂਲਾਂ ਨੂੰ ਚਲਾਉਣ ‘ਚ ਬਹੁਤ ਵੱਡਾ ਫ਼ਰਕ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਵੀ ਇੱਥੇ ਆ ਕੇ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ।